ਤਰਨਤਾਰਨ| ਆਈਲੈਟਸ ਕਰਦੀ ਲੜਕੀ ਨੂੰ ਤੰਗ- ਪ੍ਰੇਸ਼ਾਨ ਕਰਨ ਤੋਂ ਰੋਕਣ ਉਤੇ ਅੰਨ੍ਹੇਵਾਹ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਜੀਓਬਾਲਾ ਵਿਖੇ ਇਕ ਦਰਜਨ ਦੇ ਲਗਭਗ ਹਥਿਆਰਬੰਦ ਵਿਅਕਤੀਆਂ ਵਲੋਂ ਕਥਿਤ ਤੌਰ ਉਤੇ ਗੋਲ਼ੀਆਂ ਚਲਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ 11 ਲੋਕਾਂ ਖਿਲਾਫ ਇਰਾਦਾ ਏ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਰਸ਼ਪਾਲ ਸਿੰਘ ਪੁੱਤਰ ਵਿਰਸਾ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਸਾਲੇ ਦੀ ਲੜਕੀ ਨੂੰ ਉਸਦੀ ਕਲਾਸ ਵਿਚ ਪੜ੍ਹਦਾ ਰਮਨਦੀਪ ਸਿੰਘ ਨਾਂ ਦਾ ਨੌਜਵਾਨ ਤੰਗ ਪ੍ਰੇਸ਼ਾਨ ਕਰਦਾ ਸੀ। ਸਮਝਾਉਣ ਲਈ ਉਸਨੇ ਰਮਨਦੀਪ ਸਿੰਘ ਦੇ ਰਿਸ਼ਤੇਦਾਰ ਨਵਰਾਜ ਸਿੰਘ ਨਾਲ ਗੱਲ ਕੀਤੀ।

25 ਅਪ੍ਰੈਲ ਨੂੰ ਜਦੋਂ ਉਹ ਆਪਸ ਵਿਚ ਗੱਲਬਾਤ ਕਰ ਰਹੇ ਸਨ ਤਾਂ ਇਸ ਦੌਰਾਨ 10-12 ਮੁੰਡੇ ਗੱਡੀਆਂ ਵਿਚ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਲੁੱਕ ਕੇ ਜਾਨ ਬਚਾਈ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ।

ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਸ਼ਪਾਲ ਸਿੰਘ ਦੀ ਸ਼ਿਕਾਇਤ ਉਤੇ ਨਵਰਾਜ ਸਿੰਘ, ਰੁਸਤਮ ਸਿੰਘ, ਰਮਨਦੀਪ ਸਿੰਘ ਅਤੇ 7-8 ਅਣਪਛਾਤਿਆਂ ਨੂੰ ਕੇਸ ਵਿਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।