ਅੰਮ੍ਰਿਤਸਰ, 27 ਮਾਰਚ | ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਇਸ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਕਿਹਾ ਕਿ ਇੱਕ ਸਰਕਾਰੀ ਅਧਿਕਾਰੀ ਨੂੰ ਇਸ ਹੱਦ ਤੱਕ ਮਜਬੂਰ ਕਰਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਮੰਤਰੀ ਦੇ ਦਬਾਅ ਕਾਰਨ ਗਗਨਦੀਪ ਸਿੰਘ ਰੰਧਾਵਾ ਨੂੰ ਇਹ ਕਦਮ ਚੁੱਕਣਾ ਪਿਆ, ਪਰ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ’ਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ ਅਤੇ ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਸੀਬੀਆਈ ਜਾਂਚ ਨਹੀਂ ਹੁੰਦੀ ਤਾਂ ਇਹ ਜਾਂਚ ਕਬੂਲਯੋਗ ਨਹੀਂ ਹੋਵੇਗੀ।
ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਕੁਝ ਲੋਕਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਖ਼ਾਸ ਤੌਰ ’ਤੇ ਲਾਲ ਜੀ ਭੁੱਲਰ ਨੂੰ ਜੇਲ੍ਹ ਵਿੱਚ ਮਿਲ ਰਹੀਆਂ ਵੀਆਈਪੀ ਸਹੂਲਤਾਂ ’ਤੇ ਵੀ ਸਵਾਲ ਉਠਾਏ।
ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੀ ਹਾਲਤ ਵਿੱਚ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਅਖੀਰ ਵਿੱਚ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਪੂਰੇ ਪੰਜਾਬ ਦੇ ਨਿਆਂ ਨਾਲ ਜੁੜਿਆ ਹੋਇਆ ਹੈ ਅਤੇ ਅਕਾਲੀ ਦਲ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖੇਗਾ।


































