ਗੈਂਗਸਟਰ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ, ਕਈ ਗ੍ਰਿਫਤਾਰ

0
303


ਚੰਡੀਗੜ੍ਹ | ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਹ ਯੋਜਨਾ ਹਾਲ ਹੀ ਵਿਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਡਿਊਲਾਂ ਦਾ ਪਰਦਾਫਾਸ਼ ਹੋਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ । ਇਸ ਤੋਂ ਇਲਾਵਾ ਉਕਤ ਛਾਪੇਮਾਰੀ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਵਿਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ।

ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।