ਚੰਡੀਗੜ੍ਹ, 30 ਸਤੰਬਰ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿਚ ਨਿਯੁਕਤੀ ਅਤੇ ਸੇਵਾ ਦੇ ਵਾਧੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿਚ ਵਾਧਾ ਕਰ ਕੇ ਉਸੇ ਅਹੁਦੇ ‘ਤੇ ਕਿਉਂ ਰੱਖਿਆ ਗਿਆ, ਜਿੱਥੇ ਅਜਿਹੀਆਂ ਗਤੀਵਿਧੀਆਂ ਹੋ ਰਹੀਆਂ ਸਨ।
ਅਦਾਲਤ ਵੱਲੋਂ ਨਿਯੁਕਤ ਐਮੀਕਸ ਕਿਊਰੀ ਐਡਵੋਕੇਟ ਤਨੂ ਬੇਦੀ ਨੇ ਇਸ ਮਾਮਲੇ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਬਿਸ਼ਨੋਈ ਨੂੰ ਲੰਬੇ ਸਮੇਂ ਤੋਂ ਸੀਆਈਏ ਸਟਾਫ਼ ਖਰੜ ਵਿਚ ਰੱਖਿਆ ਗਿਆ ਸੀ ਅਤੇ ਵਾਰ-ਵਾਰ ਰਿਮਾਂਡ ਲੈ ਕੇ ਉੱਥੇ ਰੱਖਿਆ ਗਿਆ ਸੀ। ਇਸ ‘ਤੇ ਅਦਾਲਤ ਨੇ ਸਵਾਲ ਕੀਤਾ ਕਿ ਕੀ ਉਸ ਨੂੰ ਬਾਹਰੀ ਦਬਾਅ ਕਾਰਨ ਜਾਣਬੁੱਝ ਕੇ ਉੱਥੇ ਰੱਖਿਆ ਗਿਆ ਸੀ ਜਾਂ ਕੀ ਜਾਂਚ ਲਈ ਉਸ ਦੀ ਮੌਜੂਦਗੀ ਅਸਲ ਵਿਚ ਜ਼ਰੂਰੀ ਸੀ।
ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਕਿ ਇੰਸਪੈਕਟਰ ਸ਼ਿਵ ਕੁਮਾਰ, ਜੋ ਸਾਲ 2023 ਵਿਚ ਸੇਵਾਮੁਕਤ ਹੋਣ ਵਾਲੇ ਸਨ, ਨੂੰ ਸੇਵਾ ਵਿਚ ਵਾਧਾ ਕਰ ਕੇ ਜਨਵਰੀ 2024 ਤੱਕ ਉਸੇ ਅਹੁਦੇ ’ਤੇ ਤਾਇਨਾਤ ਕਿਉਂ ਰੱਖਿਆ ਗਿਆ। ਅਦਾਲਤ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਸੂਬਾ ਸਰਕਾਰ ਨੂੰ ਇਸ ਗੱਲ ਦਾ ਸਪੱਸ਼ਟ ਜਵਾਬ ਦੇਣਾ ਹੋਵੇਗਾ ਕਿ ਇੰਸਪੈਕਟਰ ਸ਼ਿਵ ਨੂੰ ਸੇਵਾਮੁਕਤੀ ਤੋਂ ਬਾਅਦ ਵੀ ਸੀਆਈਏ ਸਟਾਫ ਖਰੜ ਵਿਚ ਕਿਉਂ ਰੱਖਿਆ ਗਿਆ।
ਇਹ ਮੁੱਦਾ ਉਦੋਂ ਸਾਹਮਣੇ ਆਇਆ ਜਦੋਂ ਅਦਾਲਤ ਦੁਆਰਾ ਨਿਯੁਕਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਰਿਪੋਰਟ ਵਿਚ ਖੁਲਾਸਾ ਕੀਤਾ ਕਿ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਖਰੜ ਵਿਚ ਸੀਆਈਏ ਸਟਾਫ ‘ਚ ਹੋਈ ਸੀ, ਜਿਸ ਨਾਲ ਅਪਰਾਧ ਅਤੇ ਅਪਰਾਧੀਆਂ ਦੀ ਵਡਿਆਈ ਹੋਈ ਸੀ। ਇਸ ਤੋਂ ਬਾਅਦ ਦੂਜੀ ਇੰਟਰਵਿਊ ਜੈਪੁਰ ਦੀ ਸੈਂਟਰਲ ਜੇਲ੍ਹ ਵਿਚ ਹੋਈ।
ਐਡਵੋਕੇਟ ਜਨਰਲ (ਏ.ਜੀ.) ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਸ਼ਹਿਰ ਦੇ ਤਤਕਾਲੀ ਐਸਐਸਪੀ ਸਮੇਤ ਚਾਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜੇਲ੍ਹ ਵਿਚ ਸੁਰੱਖਿਆ ਲਈ ਜੈਮਰ, ਏਆਈ ਆਧਾਰਿਤ ਸੀਸੀਟੀਵੀ ਕੈਮਰੇ, ਬਾਡੀ ਵਰਨ ਕੈਮਰੇ, ਐਕਸ-ਰੇ ਬੈਗੇਜ ਸਕੈਨਰ ਅਤੇ ਜੇਲ੍ਹ ਕੈਦੀ ਕਾਲਿੰਗ ਸਿਸਟਮ ਵਰਗੀਆਂ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਅਕਤੂਬਰ ਦੀ ਤਰੀਕ ਨਿਸ਼ਚਿਤ ਕੀਤੀ ਹੈ ਅਤੇ ਸੂਬਾ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਕੀ ਉਹ ਇਸ ਸਮੇਂ ਜਨਤਕ ਅਹੁਦਿਆਂ ‘ਤੇ ਤਾਇਨਾਤ ਹਨ। ਰਾਜਸਥਾਨ ਸਰਕਾਰ ਦੇ ਏਜੀ ਨੇ ਪਿਛਲੀ ਸੁਣਵਾਈ ਵਿਚ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ ਦਾ ਦੂਜਾ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਹੋਇਆ ਸੀ ਅਤੇ ਹੁਣ ਇਸ ਮਾਮਲੇ ਵਿਚ ਰਾਜਸਥਾਨ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ੀਰੋ ਐਫਆਈਆਰ ਦਰਜ ਕਰ ਕੇ ਜੈਪੁਰ ਪੁਲਿਸ ਨੂੰ ਭੇਜ ਦਿੱਤੀ ਗਈ ਹੈ ਅਤੇ ਹੁਣ ਰਾਜਸਥਾਨ ਪੁਲਿਸ ਅਗਲੀ ਕਾਰਵਾਈ ਕਰੇਗੀ।