ਚੰਡੀਗੜ੍ਹ | ਇਥੰ ਕੂੜੇ ਦੇ ਪਹਾੜਾਂ ਵਿੱਚ ਰਹਿਣ ਲਈ ਮਜਬੂਰ ਡੱਡੂ ਮਾਜਰਾ ਕਾਲੋਨੀ ਦੇ ਲੋਕਾਂ ਲਈ ਇੱਕ ਆਸ ਦੀ ਕਿਰਨ ਜਾਗੀ ਹੈ। ਸੈਕਟਰ 25 ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ (ਅੱਪਗਰੇਡ) ਦਾ ਅੱਜ ਸ਼ਹਿਰ ਦੇ ਪ੍ਰਸ਼ਾਸਕ ਬੀ.ਐਲ. ਪੁਰੋਹਿਤ ਵੱਲੋਂ ਉਦਘਾਟਨ ਕੀਤਾ ਗਿਆ। ਹੁਣ 6 ਸਾਲਾਂ ਬਾਅਦ ਇੱਕ ਵਾਰ ਫਿਰ ਇੱਥੇ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾਵੇਗੀ। ਇਸ ਨਾਲ ਰੋਜ਼ਾਨਾ 200 ਟਨ ਸ਼ਹਿਰ ਦੇ ਕੂੜੇ ਨੂੰ ਪ੍ਰੋਸੈਸ ਕੀਤਾ ਜਾਵੇਗਾ। ਇਸ ਸਮੇਂ ਡੱਡੂ ਮਾਜਰਾ ਦੇ ਡੰਪਿੰਗ ਗਰਾਊਂਡ ਵਿੱਚ ਕੂੜਾ ਡੰਪ ਕੀਤਾ ਜਾ ਰਿਹਾ ਹੈ। ਉੱਥੇ ਲੋਕ ਸਾਹ ਅਤੇ ਚਮੜੀ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਹਨ।
ਅੱਜ ਸਵੇਰੇ ਪਲਾਂਟ ਦੇ ਉਦਘਾਟਨ ਮੌਕੇ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ, ਮੇਅਰ ਸਰਬਜੀਤ ਕੌਰ, ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਅਤੇ ਐਮਪੀ ਖੇਰ ਵੀ ਹਾਜ਼ਰ ਸਨ, ਜਿਨ੍ਹਾਂ ਦੇ ਨਾਲ ਪ੍ਰਸ਼ਾਸਕ ਸੈਕਟਰ 25 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਪੂਨਮ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਪਲਾਂਟ ਦੀ ਪੁਰਾਣੀ ਮਸ਼ੀਨਰੀ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਥੇ ਪਲਾਂਟ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ।
ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ
ਇਸ ਦੌਰਾਨ ਮੇਅਰ ਸਰਬਜੀਤ ਕੌਰ ਨੇ ਕਿਹਾ ਕਿ ਮੇਅਰ ਬਣਨ ਤੋਂ ਬਾਅਦ ਉਨ੍ਹਾਂ ਦੀ ਇਹ ਕੋਸ਼ਿਸ਼ ਰਹੀ ਹੈ ਕਿ ਸ਼ਹਿਰ ਵਿੱਚ ਕੂੜੇ ਦਾ ਵਧੀਆ ਪ੍ਰਬੰਧਨ ਕੀਤਾ ਜਾ ਸਕੇ ਅਤੇ ਸ਼ਹਿਰ ਵਿੱਚ ਕੂੜੇ ਦੇ ਢੇਰ ਨਾ ਲੱਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕੂੜੇ ਦੇ ਪ੍ਰਬੰਧਨ ਲਈ ਇਹ ਪਲਾਂਟ ਮੁੜ ਚਾਲੂ ਕੀਤਾ ਗਿਆ ਹੈ। ਦੂਜੇ ਪਾਸੇ ਸ਼ਹਿਰ ਵਿੱਚ ਸੀ ਐਂਡ ਡੀ ਵੇਸਟ ਪਲਾਂਟ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਬਾਗਬਾਨੀ ਵੇਸਟ ਪਲਾਂਟ ਵੀ ਜਲਦੀ ਸ਼ੁਰੂ ਹੋ ਜਾਵੇਗਾ।
ਕੂੜੇ ਦੇ ਪਹਾੜ ਤੋਂ ਰਾਹਤ ਦਿਵਾਉਣ ਦਾ ਦਾਅਵਾ
ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਦੂਜੀ ਥਾਂ ’ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਮਸ਼ੀਨਰੀ ਵੀ ਲਗਾ ਦਿੱਤੀ ਗਈ ਹੈ। ਡੇਢ ਤੋਂ ਦੋ ਸਾਲ ਵਿੱਚ ਕੂੜੇ ਦੇ ਪਹਾੜ ਖਤਮ ਹੋ ਜਾਣਗੇ। ਅਤੇ ਹਾਲ ਹੀ ਵਿੱਚ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਨਗਰ ਨਿਗਮ ਨੂੰ 9.30 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ‘ਤੇ ਧਰਮਪਾਲ ਨੇ ਕਿਹਾ ਕਿ ਪ੍ਰਸ਼ਾਸਨ ‘ਚ ਕੁਝ ਕਮੀ ਸੀ।