ਲੁਧਿਆਣਾ ‘ਚ ਕੂੜੇ ਦੀ ਸਮੱਸਿਆ ਦਾ ਹੋਵੇਗਾ ਹੱਲ, ਕੈਬਨਿਟ ਮੰਤਰੀ ਨਿੱਝਰ ਨੇ ਕੂੜੇ ਦੇ ਨਿਪਟਾਰੇ ਦੀ ਕੀਤੀ ਸ਼ੁਰੂਆਤ

0
576

ਲੁਧਿਆਣਾ | ਇਥੇ ਪਹਾੜ ਦਾ ਰੂਪ ਧਾਰਨ ਕਰ ਚੁੱਕੇ ਕੂੜੇ ਦੇ ਨਿਪਟਾਰੇ ਦੇ ਕੰਮ ਦੀ ਸ਼ੁਰੂਆਤ ਸਥਾਨਕ ਟਿੱਬਾ ਰੋਡ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੀ ਇੱਕ ਕੰਪਨੀ ਨੂੰ ਕਰੀਬ 28 ਕਰੋੜ ਰੁਪਏ ਦੀ ਲਾਗਤ ਨਾਲ ਠੇਕਾ ਦਿੱਤਾ ਗਿਆ ਹੈ, ਜਿਸ ਰਾਹੀਂ 5 ਲੱਖ ਟਨ ਕੂੜੇ ਦਾ ਨਿਪਟਾਰਾ ਕੀਤਾ ਜਾਵੇਗਾ। ਕਰੀਬ 20 ਲੱਖ ਟਨ ਕੂੜੇ ਦੇ ਨਿਪਟਾਰੇ ਲਈ ਵੱਖਰਾ ਠੇਕਾ ਦਿੱਤਾ ਜਾ ਰਿਹਾ ਹੈ। ਇੱਕ ਸਾਲ ਵਿੱਚ 5 ਲੱਖ ਟਨ ਕੂੜੇ ਦਾ ਨਿਪਟਾਰਾ ਕੀਤਾ ਜਾਵੇਗਾ, ਜਿਸ ਨਾਲ ਲਗਭਗ 12 ਏਕੜ ਜ਼ਮੀਨ ਖਾਲੀ ਹੋ ਜਾਵੇਗੀ ਅਤੇ ਇਸ ਜ਼ਮੀਨ ਨੂੰ ਹੋਰ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਸੇ ਤਰ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੈਬਨਿਟ ਵਿੱਚ ਫੈਸਲਾ ਲਿਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਵਿਰੁੱਧ ਪ੍ਰਚਾਰ ਕਰਨ ਦੇ ਲਾਏ ਗਏ ਦੋਸ਼ਾਂ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਗਲਤ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਦਮ ਚੁੱਕਣੇ ਚਾਹੀਦੇ ਹਨ। ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਖਿਲਾਫ ਕੋਈ ਕਾਰਵਾਈ ਨਾ ਕਰਨ ਦੇ ਲਾਏ ਗਏ ਦੋਸ਼ਾਂ ‘ਤੇ ਮੰਤਰੀ ਨੇ ਕਿਹਾ ਕਿ ਹੁਣ ਮਾਹੌਲ ਸ਼ਾਂਤ ਹੋਣ ਦਿਓ, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੰਸਦ ਮੈਂਬਰ ਬਿੱਟੂ ਵੱਲੋਂ ਜਗਰਾਉਂ ਦੇ ਇੱਕ ਪਿੰਡ ਵਿੱਚ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਦੇ ਲਾਏ ਗਏ ਦੋਸ਼ਾਂ ’ਤੇ ਮੰਤਰੀ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਉਨ੍ਹਾਂ ਮੁੱਖ ਮੰਤਰੀ ਵੱਲੋਂ ਪਾਰਟੀ ਦੇ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮਾਂ ਬਾਰੇ ਗੱਲ ਨੂੰ ਖਾਰਜ ਕੀਤਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਰਖਾਸਤ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਸੁਤੰਤਰ ਸੰਸਥਾ ਹੈ ਅਤੇ ਸਿੱਖਾਂ ਨੂੰ ਆਪਣਾ ਨੁਮਾਇੰਦਾ ਚੁਣਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ।