ਜਲਦ ਲਗਵਾ ਲਓ ਨੰਬਰ ਹਾਈ ਸਕਿਊਰਿਟੀ ਨੰਬਰ ਪਲੇਟਾਂ : ਪਹਿਲੀ ਵਾਰ 2000 ਫਿਰ 3000 ਰੁਪਏ ਦਾ ਹੋ ਸਕਦਾ ਜੁਰਮਾਨਾ

0
540

ਜਲੰਧਰ/ਲੁਧਿਆਣਾ/ਅੰਮ੍ਰਿਤਸਰ (2 ਸਤੰਬਰ) | ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ’ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕਈ ਵਾਰ ਸਮਾਂ ਦਿੱਤਾ ਗਿਆ ਹੈ।

ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਸੂਬੇ ਦੇ ਗੁਆਂਢੀ ਕੇਂਦਰ ਸਾਸ਼ਤ ਪ੍ਰਦੇਸ਼ਾਂ ਅਤੇ ਰਾਜਾਂ ਜਿਵੇਂ ਕਿ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਲੋਂ ਇਹ ਮੁੱਦਾ ਸੂਬਾ ਸਰਕਾਰ ਪਾਸ ਉਠਾਉਂਦਿਆਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਾਹਨ ਬਿਨਾਂ ਹਾਈ ਸਕਿਊਰਟੀ ਨੰਬਰ ਪਲੇਟਾਂ ਦੇ ਉਨ੍ਹਾਂ ਦੇ ਖੇਤਰ ਵਿੱਚ ਦਾਖਲ ਹੁੰਦਾ ਹੈ ਤਾਂ ਉਸ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਅਨੁਸਾਰ ਪਹਿਲੀ ਵਾਰ ਹਦਾਇਤਾਂ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਦੁਬਾਰਾ ਉਲੰਘਣਾ ਕਰਦਿਆਂ ਪਾਏ ਜਾਣ ’ਤੇ ਇਹ ਜੁਰਮਾਨਾ 3000 ਰੁਪਏ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਵੇਂ ਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਜਰੂਰ ਲਗਵਾ ਲੈਣ ਤਾਂ ਜੋ ਕਿਸੇ ਵੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।