ਅੰਮ੍ਰਿਤਸਰ, 18 ਅਕਤੂਬਰ | ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਨੂੰ ਅਹੁਦੇ ਦਾ ਕੋਈ ਲਾਲਚ ਨਹੀਂ ਹੈ। ਅਸੀਂ ਸਾਰਾ ਮਾਮਲਾ ਅਕਾਲ ਪੁਰਖ ਅੱਗੇ ਰੱਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਮੈਨੂੰ ਅਹੁਦੇ ‘ਤੇ ਬਣੇ ਰਹਿਣ ਦੇ ਹੁਕਮ ਦਿੱਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਤੱਕ ਅਕਾਲ ਪੁਰਖ ਦਾ ਹੁਕਮ ਹੈ, ਅਸੀਂ ਸੇਵਾ ਕਰਦੇ ਰਹਾਂਗੇ, ਜਦੋਂ ਅਕਾਲ ਪੁਰਖ ਦਾ ਹੁਕਮ ਆਵੇਗਾ, ਸੇਵਾ ਛੱਡ ਦੇਵਾਂਗੇ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਵੱਲੋਂ ਬੁਲੰਦ ਕੀਤੀ ਗਈ ਆਵਾਜ਼ ਜ਼ਰੂਰ ਇਤਿਹਾਸ ਸਿਰਜੇਗੀ। ਇਸ ਦੌਰਾਨ ਉਨ੍ਹਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਟਕਰਾਅ ਨੂੰ ਵੀ ਮੰਦਭਾਗਾ ਕਰਾਰ ਦਿੱਤਾ।
ਦੱਸ ਦੇਈਏ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਹੋਟਾ ਦੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਸੀ। ਪਿਛਲੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਕਈ ਸਾਲਾਂ ਤੋਂ ਸਿੱਖ ਮਸਲਿਆਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ। ਜਦੋਂ ਕਿ ਐੱਸ.ਜੀ.ਪੀ.ਸੀ. ਉਹ ਸਾਰੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)