SGPC ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਰੋਸ ਪ੍ਰਦਰਸ਼ਨ

0
6

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਸਿੱਖ ਸੰਗਤਾਂ, ਕੇਂਦਰ ਸਰਕਾਰ ਤੋਂ SGPC ਦੀਆਂ ਆਮ ਚੋਣਾਂ ਕਰਵਾਉਣ ਦੀ ਕੀਤੀ ਜਾਵੇਗੀ ਮੰਗ

SGPC ‘ਚ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦੇ ਲਗਾਏ ਦੋਸ਼, 20 ਨਵੰਬਰ ਦੇ ਸਾਲਾਨਾ ਇਜਲਾਸ ਦਾ ਬਾਈਕਾਟ ਕਰਨ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਆਮ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਅੰਮ੍ਰਿਤਸਰ ਵਿੱਚ SGPC ਦਾ ਸਾਲਾਨਾ ਇਜਲਾਸ ਹੋਵੇਗਾ, ਜਦਕਿ ਉਨ੍ਹਾਂ ਦੀ ਪਾਰਟੀ ਦੇ ਮੈਂਬਰ, ਆਗੂ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕੱਠੀਆਂ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।

ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ SGPC ਦੇ ਮੌਜੂਦਾ ਕੰਮਕਾਜ ‘ਤੇ ਸਵਾਲ ਚੁੱਕਦਿਆਂ ਸੰਸਥਾ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ SGPC ਦੇ ਇਤਿਹਾਸ ਅਤੇ ਮੌਜੂਦਾ ਹਾਲਾਤਾਂ ਵਿੱਚ ਕਾਫ਼ੀ ਫ਼ਰਕ ਆ ਗਿਆ ਹੈ। ਉਨ੍ਹਾਂ ਮਾਸਟਰ ਤਾਰਾ ਸਿੰਘ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵੇਲੇ ਸੰਸਥਾ ਦੇ ਪ੍ਰਧਾਨ ਦਾ ਵੱਖਰਾ ਰੁਤਬਾ ਹੁੰਦਾ ਸੀ, ਪਰ ਅੱਜ ਸੰਸਥਾ ਨੂੰ ਅੰਦਰੂਨੀ ਸਵਾਰਥਾਂ ਕਾਰਨ ਨੁਕਸਾਨ ਪਹੁੰਚ ਰਿਹਾ ਹੈ।

SGPC ਵਿੱਚ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਦੇ ਦੋਸ਼

ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ SGPC ਦੇ ਲਗਭਗ 40 ਤੋਂ 50 ਫ਼ੀਸਦੀ ਮੈਂਬਰਾਂ ਦੇ ਪਰਿਵਾਰਕ ਮੈਂਬਰ ਸੰਸਥਾ ਦੇ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਐਕਟ ਮੁਤਾਬਕ SGPC ਮੈਂਬਰਾਂ ਜਾਂ ਟਰੱਸਟੀਆਂ ਦੇ ਖ਼ੂਨ ਦੇ ਰਿਸ਼ਤੇਦਾਰਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਸਕਦੀ।

ਉਨ੍ਹਾਂ ਦਾਅਵਾ ਕੀਤਾ ਕਿ ਆਮ ਮੁਲਾਜ਼ਮਾਂ ਦੀਆਂ ਤਰੱਕੀਆਂ ਦੀ ਰਫ਼ਤਾਰ ਹੌਲੀ ਹੈ, ਜਦਕਿ ਪ੍ਰਭਾਵਸ਼ਾਲੀ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਤੇਜ਼ੀ ਨਾਲ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।

20 ਨਵੰਬਰ ਦੇ SGPC ਇਜਲਾਸ ਦਾ ਕਰਨਗੇ ਬਾਈਕਾਟ

SGPC ਦੇ ਸਾਲਾਨਾ ਇਜਲਾਸ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਜਾਂਦਾ ਅਤੇ ਕਈ ਵਾਰ ਉਨ੍ਹਾਂ ਦੇ ਮਾਈਕ ਤੱਕ ਖੋਹ ਲਏ ਜਾਂਦੇ ਹਨ।

ਉਨ੍ਹਾਂ ਬੀਬੀ ਕਿਰਨਜੋਤ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਰੋਧੀ ਮੈਂਬਰਾਂ ਦੇ ਜਮਹੂਰੀ ਹੱਕਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਦਾ ਮਾਮਲਾ ਵੀ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪਾਬੰਦੀ ਹਟਾਉਣ ਲਈ ਅਰਜ਼ੀ ਦੇਣ ਦੇ ਬਾਵਜੂਦ ਕੋਈ ਫ਼ੈਸਲਾ ਨਹੀਂ ਲਿਆ ਗਿਆ।

ਕੇਂਦਰ ਸਰਕਾਰ ਅਤੇ ਬਾਦਲ ਦਲ ਵਿਚਾਲੇ ਸਮਝੌਤੇ ਦਾ ਦਾਅਵਾ

SGPC ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਕਥਿਤ ਅੰਦਰੂਨੀ ਸਮਝੌਤੇ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਦੋਵਾਂ ਵਿਚਾਲੇ ਸਮਝੌਤਾ ਨਾ ਹੁੰਦਾ ਤਾਂ ਕੇਂਦਰ ਸਰਕਾਰ ਹੁਣ ਤੱਕ ਚੋਣਾਂ ਕਰਵਾ ਚੁੱਕੀ ਹੁੰਦੀ।

ਉਨ੍ਹਾਂ ਕਿਹਾ ਕਿ SGPC ਦੀਆਂ ਚੋਣਾਂ ਪਿਛਲੇ 15 ਸਾਲਾਂ ਤੋਂ ਨਹੀਂ ਹੋਈਆਂ। ਉਨ੍ਹਾਂ ਮੁਤਾਬਕ ਹਰਿਆਣਾ ਦੇ ਕੁਝ ਮੈਂਬਰਾਂ ਵੱਲੋਂ ਅਦਾਲਤ ਵਿੱਚ ਪਟੀਸ਼ਨਾਂ ਦਾਇਰ ਕੀਤੇ ਜਾਣ ਕਾਰਨ ਕਾਨੂੰਨੀ ਅੜਚਣਾਂ ਆਈਆਂ ਹਨ, ਪਰ ਕੇਂਦਰ ਸਰਕਾਰ ਚਾਹੇ ਤਾਂ ਇਨ੍ਹਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ SGPC ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਭਾਈ ਮਨਜੀਤ ਸਿੰਘ, ਜਥੇਦਾਰ ਮਿੱਠੂ ਸਿੰਘ ਕਾਹਨੇਕੇ ਅਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੀ ਸਿੱਖ ਸੰਗਤ ਨੂੰ 20 ਨਵੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚਣ ਦੀ ਅਪੀਲ ਕੀਤੀ।

ਸੁਖਬੀਰ ਬਾਦਲ ਅਤੇ ਪਾਰਟੀ ਛੱਡਣ ਵਾਲੇ ਆਗੂਆਂ ‘ਤੇ ਨਿਸ਼ਾਨਾ

ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਬਾਰੇ ਵੀ ਟਿੱਪਣੀਆਂ ਕੀਤੀਆਂ। ਬੀਬੀ ਜਗੀਰ ਕੌਰ ਦੀ ਮੁੜ ਬਾਦਲ ਦਲ ਵਿੱਚ ਵਾਪਸੀ ‘ਤੇ ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਉੱਥੇ ਹੀ ਟਿਕੇ ਰਹਿਣਾ ਚਾਹੀਦਾ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਬਾਰੇ ਉਨ੍ਹਾਂ ਦੋਸ਼ ਲਗਾਇਆ ਕਿ ਉਹ ਉਨ੍ਹਾਂ ਦੀ ਪਾਰਟੀ ਵਿੱਚ ਰਹਿ ਕੇ ਵੀ ਸੁਖਬੀਰ ਬਾਦਲ ਲਈ ਕੰਮ ਕਰ ਰਹੇ ਸਨ। ਪਾਰਟੀ ਛੱਡਣ ਵਾਲੇ ਆਗੂਆਂ ‘ਤੇ ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਪੀਲੇ ਪੱਤੇ ਝੜ ਗਏ ਹਨ ਅਤੇ ਹੁਣ ਪਾਰਟੀ ਵਿੱਚ ਸਿਰਫ਼ ਹਰੇ ਪੱਤੇ ਹੀ ਬਚੇ ਹਨ।

ਭਾਜਪਾ ਨਾਲ ਗਠਜੋੜ ਦੀਆਂ ਅਟਕਲਾਂ ਨੂੰ ਕੀਤਾ ਖ਼ਾਰਜ

ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਪੁੱਛੇ ਜਾਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬ ਨਾਲ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਵੀ ਭਾਜਪਾ ਨਾਲ ਜਾਣ ਬਾਰੇ ਤਨਜ਼ ਕੱਸਿਆ।

ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਸਾਰੀਆਂ 117 ਸੀਟਾਂ ‘ਤੇ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਪਾਰਟੀ ਦੀ ਰਜਿਸਟ੍ਰੇਸ਼ਨ ਬਾਰੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨਾਲ ਪੱਤਰ ਵਿਹਾਰ ਅਤੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ ਅਤੇ ਇਹ ਤਕਨੀਕੀ ਮਾਮਲਾ ਜਲਦੀ ਪੂਰਾ ਕਰ ਲਿਆ ਜਾਵੇਗਾ।