ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮਾਨ ਸਰਕਾਰ ਦੀ ਤਰਜੀਹ : ਧਾਲੀਵਾਲ

0
783

ਚੰਡੀਗੜ੍ਹ। ’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ ਐਸ.ਏ.ਐਸ ਨਗਰ ਵਿਖੇ ਇੱਥੇ ਸਾਉਣੀ ਦੇ ਆਮ ਇਜਲਾਸ ਅਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਵਿਸ਼ੇਸ਼ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਸ. ਧਾਲੀਵਾਲ ਨੇ ਗਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ ‘ਮੇਰਾ ਪਿੰਡ ਮੇਰੀ ਰੂਹ’ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਪਿੰਡ ਵਾਸੀ ਤੇ ਚੁਣੇ ਹੋਏ ਨੁਮਾਇੰਦੇ ਇਹ ਖੁਦ ਤੈਅ ਕਰਨ ਕਿ ਉਨ੍ਹਾਂ ਨੇ ਆਪਣੇ ਪਿੰਡ ‘ਚ ਕੀ-ਕੀ ਵਿਕਾਸ ਕਰਨਾ ਹੈ।ਉਨ੍ਹਾਂ ਦੱਸਿਆ ਕਿ ਆਮ ਇਜਲਾਸ ਇੱਕ ਵਰ੍ਹੇ ਵਿੱਚ ਦੋ ਵਾਰ ਹਾੜ੍ਹੀ (ਜੂਨ) ਅਤੇ ਸਾਉਣੀ (ਦਸੰਬਰ) ਵਿੱਚ ਕਰਵਾਇਆ ਜਾਣਾ ਜ਼ਰੂਰੀ ਹੈ, ਜਿਸ ਵਿੱਚ ਗਰਾਮ ਸਭਾ ਆਪਣੀ ਗਰਾਮ ਪੰਚਾਇਤ ਦੀ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਅਗਲੇ ਸਾਲ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮ ਦੀ ਸਲਾਨਾ ਯੋਜਨਾ ਪਾਸ ਕਰਦੀ ਹੈ।ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਰਾਹੀਂ ਪੰਚਾਂ/ਸਰਪੰਚਾਂ ਨੂੰ ਉਨ੍ਹਾਂ ਦੇ ਪਿੰਡ ਦੀ ਗਰਾਂਟ ਖਰਚਣ ਤੇ ਬਕਾਇਆ ਪਈ ਰਕਮ ਅਤੇ ਹੋਰ ਜਾਣਕਾਰੀਆਂ ਮੋਬਾਈਲ ਫੋਨ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ।

ਸ. ਧਾਲੀਵਾਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਮ ਇਜਲਾਸ ਦੀ ਮਹੱਤਤਾ ਨੂੰ ਪਿਛਲੀਆਂ ਸਰਕਾਰਾਂ ਨੇ ਨਹੀਂ ਸਮਝਿਆ ਅਤੇ ਗਰਾਮ ਸਭਾਵਾਂ ਨੂੰ ਤਬਾਹ ਕਰਨ ‘ਚ ਕੋਈ ਕਸਰ ਨਹੀਂ ਛੱਡੀ।ਉਨ੍ਹਾਂ ਕਿਹਾ ਕਿ ਸਰਪੰਚ ਭਾਵੇਂ ਕਿਸੇ ਵੀ ਰਾਜਨੀਤਿਕ ਧਿਰ ਨਾਲ ਜੁੜਿਆ ਹੋਵੇ, ਮਾਨ ਸਰਕਾਰ ਪਿੰਡਾਂ ਦਾ ਵਿਕਾਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪਿਛਲੇ ਲਗਭੱਗ 8 ਮਹੀਨਿਆਂ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ ਕਬਜਿਆਂ ਨੂੰ ਮੁਕਤ ਕਰਵਾਇਆ ਹੈ ਅਤੇ ਇਹ ਮੁਹਿੰਮ ਅੱਗੇ ਵੀ  ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਚਾਇਤਾਂ ਵੱਲੋਂ ਖਰਚੇ ਜਾ ਰਹੀ ਰਾਸ਼ੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸ. ਧਾਲੀਵਾਲ ਨੇ ਇਸ ਮੌਕੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ ਤੇ ਕਰਮਚਾਰੀਆਂ, ਲਾਈਨ ਵਿਭਾਗਾਂ ਦੇ ਕਰਮਚਾਰੀਆਂ, ਐਸ.ਐੱਚ.ਜੀ. ਦੇ ਮੈਂਬਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਟਿਕਾਊ ਵਿਕਾਸ ਟੀਚਿਆਂ ਨੂੰ 9 ਥੀਮੈਟਿਕ ਖੇਤਰਾਂ ਵਿੱਚ ਵੰਡ ਕੇ ਪਿੰਡਾਂ ਦੇ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਥੀਮਾਂ ਵਿੱਚ ਗ਼ਰੀਬੀ ਮੁਕਤ ਅਤੇ ਉੱਨਤ ਆਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਅਤੇ ਹਰਿਆ ਭਰਿਆ ਪਿੰਡ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਅਤੇ ਸਮਾਜਿਕ ਤੌਰ ‘ਤੇ ਸੁਰੱਖਿਅਤ ਪਿੰਡ, ਚੰਗੇ ਪ੍ਰਸ਼ਾਸਨ ਵਾਲਾ ਪਿੰਡ ਅਤੇ ਮਹਿਲਾਵਾਂ ਦੇ ਅਨਕੁਲ ਪਿੰਡ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਬਲਾਕ ਪੱਧਰ ‘ਤੇ ਵੱਖ-ਵੱਖ ਦਿਨਾਂ ਦੌਰਾਨ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ, ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਸਰਪੰਚ ਤੇ ਪੰਚ ਆਪਣੇ ਪਿੰਡਾਂ ‘ਚ ਵਿਕਾਸ ਦੀ ਨਵੀਂ ਇਬਾਰਤ ਲਿਖ ਸਕਣਗੇ।

ਇਸ ਮੌਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਿਵੈਲਪਮੈਂਟ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਜੁਆਇੰਟ ਡਾਇਰੈਕਟਰ ਸ੍ਰੀ ਸੰਜੀਵ ਗਰਗ, ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਐਸ.ਆਈ.ਡੀ.ਆਰ. ਦੇ ਸਟੇਟ ਰਿਸੋਰਸ ਪਰਸਨ ਸਿਖਲਾਈ ਸ. ਗਬਰਮੇਲ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ ਤੇ ਸਰਪੰਚ ਹਾਜ਼ਰ ਸਨ। ਇਸ ਤੋਂ ਵੱਡੀ ਗਿਣਤੀ ਵਿੱਚ ਸੂਬੇ ਭਰ ਦੇ ਬਲਾਕਾਂ ਦੇ ਬੀ.ਡੀ.ਪੀ.ਓਜ਼, ਪੰਚਾਇਤ ਸਕੱਤਰ ਤੇ ਪੰਜਾਬ ਭਰ ਦੇ ਪੰਚ ਤੇ ਸਰਪੰਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਸਨ।