ਚੰਗੀ ਖਬਰ : ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗਾ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ

0
360

ਚੰਡੀਗੜ੍ਹ | ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ‘ਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।

ਸੀ.ਐਮ. ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਪੰਜਾਬ ਸਰਕਾਰ ਅਨੁਸਾਰ ਵਿਸਾਖੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਮੁਆਵਜ਼ੇ ਦੀ ਰਾਸ਼ੀ ਜਮ੍ਹਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਮੁਆਵਜ਼ੇ ਦੀ ਰਕਮ ਜਮ੍ਹਾ ਕਰਵਾਉਣ ਬਾਰੇ ਦੱਸਿਆ ਸੀ।

ਮਾਨ ਨੇ ਕਿਹਾ ਕਿ ਜੋ ਵੀ ਕਿਸਾਨ ਮੌਜੂਦਾ ਸਮੇਂ ‘ਚ ਖੇਤੀ ਕਰ ਰਿਹਾ ਹੈ, ਉਸ ਦੇ ਬੈਂਕ ਖਾਤੇ ‘ਚ ਮੁਆਵਜ਼ੇ ਦੀ ਰਾਸ਼ੀ ਜਮ੍ਹਾ ਕਰਵਾਈ ਜਾਵੇਗੀ, ਭਾਵੇਂ ਖੇਤ ਦਾ ਮਾਲਕ ਕੋਈ ਹੋਰ ਹੀ ਕਿਉਂ ਨਾ ਹੋਵੇ।ਸੀਐਮ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।