ਚੰਡੀਗੜ੍ਹ, 6 ਫਰਵਰੀ | ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਨਹਿਰੀ ਪਾਣੀ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿਚ ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਹੁੰਚ ਜਾਵੇਗਾ। ਕਿਸਾਨਾਂ ਦੀ ਖਰਾਬ ਹੋਈ ਫਸਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਜਲਦ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਮਗਰੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਈਮਾਨਦਾਰੀ ਨਾਲ ਕੰਮ ਕਰ ਰਹੀ ਹੈ। ਕਿਸਾਨ ਉਤਪਾਦਕ ਕੰਪਨੀਆਂ (FPS) ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰੀਆਂ ਹਨ ਅਤੇ FPC ਨੇ ਉਨ੍ਹਾਂ ਦੇ ਕਾਰੋਬਾਰ ਦੇ ਵਾਧੇ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।