ਆਨਲਾਈਨ ਸਿੱਖਿਆ ਦੇ ਰਹੇ ਸਕੂਲ ਸਿਰਫ਼ ਟਿਊਸ਼ਨ ਫ਼ੀਸ ਲੈ ਸਕਣਗੇ : ਵਿਜੈ ਇੰਦਰ ਸਿੰਗਲਾ

0
4622

ਚੰਡੀਗੜ੍ਹ. ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਆਪੀ ਸੰਕਟ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਤੋਂ ਬਚਣਾ ਚਾਹੀਦਾ ਹੈ।

ਪ੍ਰੈੱਸ ਬਿਆਨ ਵਿੱਚ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ। ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ‘‘ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ। ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ।’’ ਉਨਾਂ ਕਿਹਾ ਕਿ ਸਾਡੇ ਲਈ ਵਿਦਿਆਰਥੀਆਂ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਇਨਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਨੂੰ ਟਿਊਸ਼ਨ ਫੀਸ ਲੈਣ ਦੀ ਆਗਿਆ ਦੇ ਕੇ ਤਵਾਜ਼ਨ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਉਹ ਆਪਣੇ ਮਹੀਨਾਵਾਰ ਖ਼ਰਚੇ ਚਲਾ ਸਕਣ ਅਤੇ ਆਪਣੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹ ਦੇ ਸਕਣ।