ਚੰਗੀ ਖਬਰ ! ਪੰਜਾਬੀਆਂ ਨੂੰ ਘਰ ਬਣਾਉਣ ਲਈ ਮਿਲਣਗੇ 2.5 ਲੱਖ ਰੁਪਏ, ਜਾਣੋ ਕੀ ਹਨ ਸ਼ਰਤਾਂ

0
2582

 ਚੰਡੀਗੜ੍ਹ, 18 ਨਵੰਬਰ | ਕੇਂਦਰ ਸਰਕਾਰ ਵੱਲੋਂ ਜਲਦੀ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਪੰਜਾਬ ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਨੂੰ ਵਿੱਤ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਇਸ ਮਹੀਨੇ ਕੇਂਦਰ ਨਾਲ ਸਮਝੌਤਾ ਕਰੇਗੀ, ਜਿਸ ਤੋਂ ਬਾਅਦ ਪੋਰਟਲ ਅਰਜ਼ੀਆਂ ਲਈ ਖੁੱਲ੍ਹ ਜਾਵੇਗਾ।

ਇਸ ਵਾਰ ਪੰਜਾਬ ਸਰਕਾਰ ਨੇ ਇਸ ਸਕੀਮ ਤਹਿਤ ਆਪਣਾ ਹਿੱਸਾ 4 ਗੁਣਾ ਵਧਾ ਦਿੱਤਾ ਹੈ। ਪਹਿਲਾਂ ਸੂਬਾ ਸਰਕਾਰ ਇਸ ਸਕੀਮ ਤਹਿਤ 25 ਹਜ਼ਾਰ ਰੁਪਏ ਦਿੰਦੀ ਸੀ, ਜਿਸ ਨੂੰ ਵਧਾ ਕੇ 1 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ ਕੇਂਦਰ ਸਰਕਾਰ ਤੋਂ 1.5 ਲੱਖ ਰੁਪਏ ਮਿਲਣਗੇ। ਇਸ ਤਰ੍ਹਾਂ ਹੁਣ ਪੰਜਾਬ ਦੇ ਲਾਭਪਾਤਰੀਆਂ ਨੂੰ 2.5 ਲੱਖ ਰੁਪਏ ਮਿਲਣਗੇ।

ਵਰਨਣਯੋਗ ਹੈ ਕਿ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਕੀਮ ਤਹਿਤ 2.5 ਲੱਖ ਤੋਂ ਵੱਧ ਘਰ ਬਣਾਉਣ ਦਾ ਟੀਚਾ ਰੱਖਿਆ ਹੈ। ਸਕੀਮ ਤਹਿਤ ਲਾਭਪਾਤਰੀ ਨੂੰ 2 ਕਮਰੇ, ਇੱਕ ਬਾਥਰੂਮ ਅਤੇ ਇੱਕ ਰਸੋਈ ਬਣਾਉਣ ਲਈ ਪੈਸੇ ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ-1 ਤਹਿਤ 1.32 ਲੱਖ ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 11 ਨਵੰਬਰ ਤੱਕ 89,788 ਘਰਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜਿਸ ਲਈ ਕੇਂਦਰ ਨੇ 2,342 ਕਰੋੜ ਰੁਪਏ ਮਨਜ਼ੂਰ ਕੀਤੇ ਸਨ, ਜਿਨ੍ਹਾਂ ਵਿੱਚੋਂ 1,885 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਸਕੀਮ ਲਈ ਇਹ ਹਨ ਸ਼ਰਤਾਂ

ਸਕੀਮ ਦਾ ਲਾਭ ਲੈਣ ਲਈ ਤੁਹਾਡੇ ਕੋਲ 45 ਵਰਗ ਗਜ਼ ਜ਼ਮੀਨ ਹੋਣੀ ਚਾਹੀਦੀ ਹੈ। ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਤੁਹਾਡਾ ਆਪਣਾ ਪੱਕਾ ਘਰ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਤੁਹਾਡੀ ਸਾਲਾਨਾ ਆਮਦਨ 3 ਲੱਖ ਰੁਪਏ ਹੋਣੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਨੂੰ ਪਿਛਲੇ 5 ਸਾਲਾਂ ਵਿਚ ਕੇਂਦਰ ਅਤੇ ਰਾਜ ਸਰਕਾਰ ਦੀ ਕਿਸੇ ਵੀ ਸਕੀਮ ਦਾ ਲਾਭ ਨਹੀਂ ਮਿਲਿਆ, ਉਨ੍ਹਾਂ ਨੂੰ ਵੀ ਪੈਸੇ ਦਿੱਤੇ ਜਾਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਸਕੀਮ ਸਾਲ 2015 ਵਿਚ ਸ਼ੁਰੂ ਕੀਤੀ ਗਈ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)