ਚੰਗੀ ਖਬਰ : ਸਰਕਾਰੀ ਸਕੂਲਾਂ ‘ਚ ਇਸ ਮਹੀਨੇ ਦੇ ਅਖੀਰ ਤੱਕ ਮਿਲਣਗੀਆਂ ਵਰਦੀਆਂ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

0
360

ਚੰਡੀਗੜ੍ਹ | ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਮਹੀਨੇ ਦੇ ਅੰਤ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਪੰਜਾਬ ‘ਚ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ, ਜਿੱਥੇ 25 ਲੱਖ ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਦੇ ਹਨ ਪਰ ਹਰ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਆਦਿ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦਾ ਕੰਮ ਨਵੰਬਰ ਜਾਂ ਦਸੰਬਰ ਤੱਕ ਮੁਕੰਮਲ ਕਰ ਲੈਂਦੀਆਂ ਸਨ ਪਰ ਇਹ ਪਹਿਲੀ ਵਾਰ ਹੈ ਕਿ ਇਹ ਕੰਮ ਮਿੱਥੇ ਸਮੇਂ ‘ਚ ਕੀਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ।

ਪੰਜਾਬ ਦੇ ਸਕੂਲਾਂ ‘ਚ ਪਹਿਲਾਂ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਸਮਾਜਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਉਂਦੀਆਂ ਸਨ, ਹਾਲਾਂਕਿ ਹੁਣ ਸਰਕਾਰ ਆਪਣੇ ਪੱਧਰ ‘ਤੇ ਇਹ ਕੰਮ ਕਰ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਹੁਣ ਸਮਾਜਿਕ ਜਥੇਬੰਦੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਸਕੂਲਾਂ ਨੂੰ ਵਰਦੀਆਂ ਜਾਂ ਹੋਰ ਸਮਾਨ ਦੇਣ ਦੀ ਬਜਾਏ ਡਿਜੀਟਲ ਬਣਾਉਣ ‘ਚ ਸਹਿਯੋਗ ਕਰਨ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਪੜ੍ਹਾਇਆ ਜਾ ਸਕੇ।