ਪੰਜਾਬ ‘ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਜਾਣੋ ਕਿਉਂ

0
1210

ਚੰਡੀਗੜ੍ਹ | ਪੰਜਾਬ ‘ਚ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਗਈਆਂ ਹਨ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ, ਜਿਸ ਨਾਲ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ।

ਸਰਕਾਰ ਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਯੂਨੀਅਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੜਤਾਲ ਵਿੱਚ ਉਨ੍ਹਾਂ ਦਾ ਸਾਥ ਦੇਣ ਤੇ ਇਸ ਵਿਭਾਗ ਨੂੰ ਬਚਾਉਣ ਵਿੱਚ ਉਨ੍ਹਾਂ ਦੀ ਮਦਦ ਕਰਨ।

ਠੇਕਾ ਕਰਮਚਾਰੀਆਂ ਨਾਲ ਸਬੰਧਤ ਯੂਨੀਅਨ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਜਦੋਂ ਤੱਕ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਹੜਤਾਲ ਰੱਦ ਨਹੀਂ ਕੀਤੀ ਜਾਵੇਗੀ।

ਪੰਜਾਬ ‘ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਦੱਸ ਦੇਈਏ ਕਿ 4 ਸਤੰਬਰ ਨੂੰ ਪੰਜਾਬ ਰੋਡਵੇਜ਼/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਨ੍ਹਾਂ ‘ਚ ਜਨਤਕ ਮੰਗ 10,000 ਸਰਕਾਰੀ ਬੱਸਾਂ ਦਾ ਫਲੀਟ ਕੀਤਾ ਜਾਵੇ ਅਤੇ ਸਰਕਾਰੀ ਟਰਾਂਸਪੋਰਟ ਵਿੱਚ ਠੇਕੇ ‘ਤੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ 6 ਸਤੰਬਰ 2021 ਤੋਂ ਹੋ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਵਿੱਚ ਸਮੂਹ ਜਨਤਕ, ਟਰੇਡ, ਮਜ਼ਦੂਰ, ਮੁਲਾਜ਼ਮ, ਸਟੂਡੈਂਟਸ ਯੂਨੀਅਨਾਂ ਅਤੇ ਆਮ ਲੋਕਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ।

ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਸਰਕਾਰ ਸਾਨੂੰ ਲੰਮੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਤੇ ਹੁਣ ਉਨ੍ਹਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ, ਜਿਸ ਕਰਕੇ ਉਹ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ ਤੇ 7 ਤਰੀਕ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)