ਪੰਜਾਬ ਦੇ ਸਾਬਕਾ 5 ਮੰਤਰੀਆਂ ਨੂੰ ਸਰਕਾਰ ਦਾ ਨੋਟਿਸ, ਸਰਕਾਰੀ ਬੰਗਲੇ ਖਾਲੀ ਕਰਨ ਦੇ ਹੁਕਮ

0
344

ਚੰਡੀਗੜ੍ਹ, 28 ਸਤੰਬਰ | ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਨੂੰ ਨੋਟਿਸ ਜਾਰੀ ਕਰ ਕੇ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।

ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਇਸ ਲਈ ਤੁਹਾਨੂੰ ਮਕਾਨ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਣਾ ਚਾਹੀਦਾ ਹੈ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਮਕਾਨ ਅਲਾਟ ਕੀਤੇ ਜਾ ਸਕਣ।

ਮੰਤਰੀ ਮੰਡਲ ‘ਚ 5 ਮੰਤਰੀ ਸ਼ਾਮਲ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ 5 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿਚ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ. ਰਵਜੋਤ ਸਿੰਘ ਤੇ ਮਹਿੰਦਰ ਭਗਤ ਦੇ ਨਾਂ ਸ਼ਾਮਲ ਹਨ। ਸੀਐਮ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸਾਰਿਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵੀ ਚਰਚਾ ਕੀਤੀ ਗਈ।

ਲੋਕ ਸਭਾ ਚੋਣਾਂ ਦੀ ਕਾਰਗੁਜ਼ਾਰੀ ਸਬੰਧੀ ਫੇਰਬਦਲ

ਪੰਜਾਬ ਵਿਚ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ 13 ਵਿੱਚੋਂ ਸਿਰਫ਼ 3 ਸੀਟਾਂ ਹੀ ਜਿੱਤ ਸਕੀ। ਮੰਤਰੀ ਮੰਡਲ ਵਿਚ ਫੇਰਬਦਲ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 16 ਹੋ ਗਈ ਹੈ। ਪੰਜਾਬ ਵਿਚ ਸਹੁੰ ਚੁੱਕਣ ਵਾਲੇ 5 ਮੰਤਰੀਆਂ ਵਿੱਚੋਂ 2 ਅਨੁਸੂਚਿਤ ਜਾਤੀ, 2 ਜਾਟ ਅਤੇ ਇੱਕ ਬਾਣੀਆ ਭਾਈਚਾਰੇ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ ਇਸ ਪੂਰੇ ਮੰਤਰੀ ਮੰਡਲ ਵਿਚ ਸਿਰਫ਼ ਇੱਕ ਮਹਿਲਾ ਮੰਤਰੀ ਰਹਿ ਗਈ ਹੈ।