ਜਲੰਧਰ ’ਚ ਝੋਨੇ ਦੀ ਸਰਕਾਰੀ ਖ਼ਰੀਦ ਟੀਚੇ ਦੇ ਅੱਧ ਤੋਂ ਟੱਪੀ

0
1616
ਜਲੰਧਰ, 30 ਅਕਤੂਬਰ| ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ, ਜਿਸ ਦੇ ਚੱਲਦਿਆਂ ਜਲੰਧਰ ’ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਨਿਰਧਾਰਿਤ ਟੀਚਾ 51 ਫੀਸਦੀ ਹਾਸਲ ਕਰ ਲਿਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10.58 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ 29 ਅਕਤੂਬਰ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 544218 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਟੀਚੇ ਦਾ 51.43 ਫੀਸਦੀ ਬਣਦਾ ਹੈ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਐਤਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 563834 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 204007 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141152 ਮੀਟ੍ਰਿਕ ਟਨ, ਪਨਸਪ ਵੱਲੋਂ 141832 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 56176 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1052 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧਨ ਕਰਨ ਤੋਂ ਇਲਾਵਾ ਕਿਸਾਨਾਂ ਦੀ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਦੇ ਨਾਲ-ਨਾਲ 72 ਘੰਟੇ ਦੇ ਨਿਰਧਾਰਿਤ ਸਮੇਂ ਦੇ ਅੰਦਰ ਚੁਕਾਈ ਅਤੇ ਸਮੇਂ ਸਿਰ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 92 ਫੀਸਦੀ ਮੀਟ੍ਰਿਕ ਟਨ ਫ਼ਸਲ ਦੀ ਮਿੱਥੇ ਸਮੇਂ ਦੇ ਅੰਦਰ ਲਿਫ਼ਟਿੰਗ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਕੀਤੀ ਫ਼ਸਲ ਦੀ 1118 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
ਝੋਨੇ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਨਮੀ ਦੀ ਨਿਰਧਾਰਤ ਸੀਮਾ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਤੋਂ ਖ਼ਰੀਦੀ ਜਾ ਸਕੇ।