ਧਰਮ ਦੇ ਮਾਮਲਿਆਂ ’ਚ ਦਖ਼ਲ ਦੇਣ ਦਾ ਸਰਕਾਰਾਂ ਨੂੰ ਕੋਈ ਅਧਿਕਾਰ ਨਹੀਂ: ਐਡਵੋਕੇਟ ਧਾਮੀ

0
6

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਪੁਰਬ ਮੌਕੇ ਧਾਰਮਿਕ ਸਮਾਗਮ ਕਰਨ ਅਤੇ ਲੰਗਰ ਲਗਾਉਣ ਤੋਂ ਰੋਕਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਸ ਸਬੰਧੀ ਪੁਲਿਸ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੀ ਵੀ ਨਿੰਦਾ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਇੱਕ ਸੁਤੰਤਰ ਹਸਤੀ ਹੈ ਅਤੇ ਕਿਸੇ ਵੀ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਮਨਾਉਣ, ਮੁਫ਼ਤ ਵਿਦਿਆ ਅਤੇ ਲੰਗਰ ਵਰਗੀਆਂ ਸੇਵਾਵਾਂ ਕਰਨ ਤੋਂ ਰੋਕਣਾ ਮੰਦਭਾਗਾ ਹੈ।

ਉਨ੍ਹਾਂ ਅਨੁਸਾਰ ਆਪਣੇ ਧਰਮ ਦੀ ਪਾਲਣਾ ਕਰਨਾ ਅਤੇ ਧਾਰਮਿਕ ਸਮਾਗਮ ਕਰਵਾਉਣਾ ਸੰਵਿਧਾਨ ਵੱਲੋਂ ਦਿੱਤਾ ਗਿਆ ਮੌਲਿਕ ਅਧਿਕਾਰ ਹੈ। ਇਸ ਲਈ ਸਰਕਾਰਾਂ ਨੂੰ ਅਜਿਹੀਆਂ ਪਾਬੰਦੀਆਂ ਲਗਾਉਣ ਦੀ ਬਜਾਏ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

SGPC ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਆਪਣੇ ਪਵਿੱਤਰ ਦਿਹਾੜੇ ਧਾਰਮਿਕ ਪਰੰਪਰਾਵਾਂ ਅਤੇ ਮਰਿਆਦਾ ਅਨੁਸਾਰ ਮਨਾਉਂਦੀ ਰਹੇਗੀ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਜਿਨ੍ਹਾਂ ਸਰਕਾਰਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ’ਤੇ ਕਿਸੇ ਵੀ ਸਰਕਾਰ ਦੀਆਂ ਬੰਦਿਸ਼ਾਂ ਨਹੀਂ ਚੱਲ ਸਕਦੀਆਂ ਅਤੇ ਧਾਰਮਿਕ ਮਾਮਲਿਆਂ ਵਿੱਚ ਧਾਰਮਿਕ ਸਿਧਾਂਤਾਂ ਤੇ ਮਰਿਆਦਾਵਾਂ ਦਾ ਹੀ ਮਹੱਤਵ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰਾਂ ਨੂੰ ਧਾਰਮਿਕ ਆਜ਼ਾਦੀ ਦਾ ਸਨਮਾਨ ਕਰਨ ਦੀ ਅਪੀਲ ਕੀਤੀ।