ਰਾਜਪਾਲ ਨੇ ਇੱਕ ਵਾਰ ਫਿਰ ਜਤਾਈ ਪੰਜਾਬ ‘ਚ ਵਧ ਰਹੇ ਨਸ਼ੇ ‘ਤੇ ਚਿੰਤਾ, ਕਿਹਾ- ਹਰ ਪਿੰਡ ‘ਚ ਵਿਕ ਰਿਹਾ ਨਸ਼ਾ

0
276

ਚੰਡੀਗੜ੍ਹ, 28 ਜਨਵਰੀ| ਰਾਜਪਾਲ ਬੀ.ਐੱਲ. ਪੁਰੋਹਿਤ ਨੇ ਇਕ ਵਾਰ ਫਿਰ ਪੰਜਾਬ ‘ਚ ਵਧ ਰਹੇ ਨਸ਼ੇ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਤਿੰਨ ਸਾਲਾਂ ਵਿਚ ਨਸ਼ਾ ਬਹੁਤ ਤੇਜ਼ੀ ਨਾਲ ਵਧਿਆ ਹੈ। ਉਹ ਖੁਦ ਨਸ਼ੇ ਦੇ ਵਧਣ ਨੂੰ ਦੇਖ ਰਹੇ ਹਨ। ਉਹ ਚੰਡੀਗੜ੍ਹ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਸਟੇਜ ਤੋਂ ਇਹ ਗੱਲ ਕਹੀ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਆਗੂ ਹਾਜ਼ਰ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਹੁਣ ਹਰ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਇਸ ਵਿਚ ਸਰਕਾਰ ਨੂੰ ਵੀ ਅਹਿਮ ਜ਼ਿੰਮੇਵਾਰੀ ਨਿਭਾਉਣੀ ਪਵੇਗੀ, ਤਾਂ ਹੀ ਅਸੀਂ ਇਸ ਤੋਂ ਛੁਟਕਾਰਾ ਪਾ ਸਕਦੇ ਹਾਂ।

ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੇ ਵਧਣ ਕਾਰਨ ਹਰ ਵਰਗ ਦੇ ਲੋਕ ਚਿੰਤਤ ਹਨ। ਅਧਿਆਪਕਾਂ ਤੇ ਪ੍ਰਿੰਸੀਪਲਾਂ ਨੇ ਵੀ ਇਹ ਮਾਮਲਾ ਉਨ੍ਹਾਂ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਫ਼ੈਦਪੋਸ਼ ਲੋਕ ਵੀ ਸੌਖੇ ਪੈਸੇ ਕਮਾਉਣ ਦੇ ਚੱਕਰ ਵਿੱਚ ਪੈ ਜਾਂਦੇ ਹਨ। ਅਜਿਹੇ ‘ਚ ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ।