ਗੁਰਦਾਸ ਮਾਨ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

0
729

ਚੰਡੀਗੜ੍ਹ | ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ਼ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਹੁਣ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਹਾਈ ਕੋਰਟ ਦੀ ਰਜਿਸਟਰੀ ’ਚ ਸੋਮਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਗਈ, ਜਿਸ ’ਤੇ ਜਲਦ ਸੁਣਵਾਈ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਉਸ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਆ ਗਏ। ਉਸ ਦੇ ਖਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਭੜਕੇ ਸਿੱਖ ਸੰਗਠਨਾਂ ਨੇ ਗੁਰਦਾਸ ਮਾਨ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਜਲੰਧਰ-ਦਿੱਲੀ ਹਾਈਵੇ ਜਾਮ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗੁਰਦਾਸ ਮਾਨ ਖਿਲਾਫ਼ ਐੱਫ਼ਆਈਆਰ ਦਰਜ ਕਰ ਦਿੱਤੀ ਸੀ। ਹਾਲਾਂਕਿ, ਮਾਮਲੇ ’ਚ ਗੁਰਦਾਸ ਮਾਨ ਮਾਫ਼ੀ ਮੰਗ ਚੁੱਕੇ ਹਨ। ਧਰਨੇ ’ਤੇ ਬੈਠੀ ਸੰਗਤ ਦਾ ਕਹਿਣਾ ਸੀ ਕਿ ਜਦੋਂ ਤੱਕ ਕੇਸ ਦਰਜ ਨਹੀਂ ਹੋਵੇਗਾ, ਉਹ ਨਹੀਂ ਉੱਠਣਗੇ। ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚੇ ਹਨ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)