ਗੁਰਦਾਸਪੁਰ, 19 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਧਾਰੀਵਾਲ ਦੀ ਅਪਰਬਾਰੀ ਦੁਆਬ ਨਹਿਰ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ 25 ਸਾਲ ਵਾਸੀ ਪਿੰਡ ਬੱਲ ਵਜੋਂ ਹੋਈ ਹੈ। ਨੌਜਵਾਨ ਦਾ ਇਕ ਹੱਥ ਤੇ ਲੱਤ ਵੱਢੀ ਹੋਈ ਹੈ ਅਤੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਨੌਜਵਾਨ 8 ਦਿਨਾਂ ਤੋਂ ਲਾਪਤਾ ਸੀ, ਜਿਸ ਬਾਰੇ ਪਰਿਵਾਰਕ ਮੈਂਬਰਾਂ ਨੇ ਧਾਰੀਵਾਲ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।

ਮ੍ਰਿਤਕ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਪਲਵਿੰਦਰ ਸਿੰਘ ਹਫਤੇ ਭਰ ਤੋਂ ਲਾਪਤਾ ਸੀ। ਕਈ ਲੋਕਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਉਸ ਨੇ ਕਿਹਾ ਕਿ ਕਰੀਬ 8 ਦਿਨ ਪਹਿਲਾਂ ਉਹ ਕੰਮ ਲਈ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਅੱਜ ਉਨ੍ਹਾਂ ਨੂੰ ਪਤਾ ਲੱਗਾ ਕਿ ਪਲਵਿੰਦਰ ਸਿੰਘ ਦੀ ਲਾਸ਼ ਨਹਿਰ ਵਿਚੋਂ ਮਿਲੀ ਹੈ।

ਮ੍ਰਿਤਕ ਦੇ ਚਾਚੇ ਨੇ ਕਿਹਾ ਕਿ ਪਲਵਿੰਦਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਪਲਵਿੰਦਰ ਦੇ ਕਾਤਲਾਂ ਦਾ ਪਤਾ ਲਗਾ ਕੇ ਇਨਸਾਫ਼ ਦਿਵਾਇਆ ਜਾਵੇ। ਧਾਰੀਵਾਲ ਥਾਣਾ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਪਲਵਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਲਵਿੰਦਰ ਦੇ ਪਰਿਵਾਰ ਵਾਲਿਆਂ ਦੇ ਬਿਆਨ ਲੈ ਕੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)