ਅਕਾਲੀ ਦਲ ਛੱਡ ਕੇ ਭਾਜਪਾ ‘ਚ ਆਏ ਹਰਿੰਦਰ ਸਿੰਘ ਕਾਹਲੋਂ ਦੀ ਕਿਸਾਨਾਂ ਨੂੰ ਸਿੱਧੀ ਚੁਣੌਤੀ, ‘ਮੋਦੀ ਦੀ ਜਗ੍ਹਾ ਮੈਂ ਹੁੰਦਾ ਤਾਂ…’

0
917

ਜਲੰਧਰ | ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ-ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਵਿਵਾਦਤ ਬਿਆਨ ਦਿੱਤਾ ਹੈ।

ਜਲੰਧਰ ਵਿਖੇ ਇਕ ਸਮਾਗਮ ਦੌਰਾਨ ਭਾਜਪਾ ਆਗੂ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਸ਼ੁਕਰ ਕਰਨਾ ਚਾਹੀਦਾ ਹੈ ਕਿ ਦਿੱਲੀ ਵਿਚ ਮੋਦੀ ਹੈ, ਜੇਕਰ ਮੈਂ ਹੁੰਦਾ ਤਾਂ ਹੁਣ ਨੂੰ ਡੰਡੇ ਮਾਰ-ਮਾਰ ਜੇਲ੍ਹਾਂ ਵਿੱਚ ਡੱਕ ਦਿੱਤਾ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਦਾ ਕਰਨਾ ਇਹੀ ਪੈਣਾ।

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ਜੂਨ 2021 ਵਿੱਚ ਭਾਜਪਾ ‘ਚ ਸ਼ਾਮਿਲ ਹੋਏ ਸਨ। ਉਸ ਤੋਂ ਬਾਅਦ ਭਾਜਪਾ ਵੱਲੋਂ ਉਨ੍ਹਾਂ ਨੂੰ ਭਾਜਪਾ ਪੰਜਾਬ ਦਾ ਬੁਲਾਰਾ ਲਗਾਇਆ ਸੀ। ਹੁਣ ਜਲੰਧਰ ਵਿੱਚ ਮੋਦੀ ਸਰਕਾਰ ਦੀਆਂ ਸਿਫਤਾਂ ਕਰਦੇ ਹੋਏ ਪੰਜਾਬ ਦੇ ਕਿਸਾਂਨਾਂ ਨੂੰ ਕੁੱਟ-ਕੁੱਟ ਜੇਲ੍ਹਾਂ ਵਿੱਚ ਬੰਦ ਕਰਨ ਦੀਆਂ ਗੱਲਾਂ ਕਰ ਰਹੇ ਹਨ।

ਕਾਹਲੋਂ ਜਦੋਂ ਕਿਸਾਨਾਂ ਨੂੰ ਕੁੱਟ ਕੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਗੱਲ ਕਰ ਰਹੇ ਸਨ ਤਾਂ ਸਾਹਮਣੇ ਬੈਠੇ ਭਾਜਪਾਈ ਤਾੜੀਆਂ ਮਾਰ ਕੇ ਉਨ੍ਹਾਂ ਨੂੰ ਹੌਸਲਾ ਦੇ ਰਹੇ ਸਨ ਅਤੇ ਭਾਜਪਾ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਭਾਜਪਾ ਆਗੂਆਂ ਨੂੰ ਪ੍ਰੋਗਰਾਮ ਨਹੀਂ ਕਰਨ ਦਿੱਤੇ ਜਾ ਰਹੇ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।