ਚੰਡੀਗੜ੍ਹ, 9 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਸੂਬਾ ਸਰਕਾਰ ਦੇ “ਨਸ਼ੇ ਵਿਰੁੱਧ ਯੁੱਧ” ਦੇ ਦਾਅਵਿਆਂ ਨੂੰ ਸਿਰਫ਼ ਕਾਗਜ਼ੀ ਕਰਾਰ ਦਿੱਤਾ ਹੈ।

ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਬਠਿੰਡਾ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾਂਦੇ ਦਾਅਵੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਨ, ਜਦਕਿ ਜ਼ਮੀਨੀ ਹਕੀਕਤ ਬਹੁਤ ਭਿਆਨਕ ਹੈ।

ਬੀਬਾ ਬਾਦਲ ਨੇ ‘ਆਪ’ ਸਰਕਾਰ ‘ਤੇ ਇਲਜ਼ਾਮ ਲਾਇਆ ਕਿ ਪੰਜਾਬ ਦੇ ਖ਼ਜ਼ਾਨੇ ਦਾ ਕਰੋੜਾਂ ਰੁਪਏ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਡਰਾਮੇਬਾਜ਼ੀ ‘ਤੇ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਵਾਕਈ ਗੰਭੀਰ ਹੈ, ਤਾਂ ਨੌਜਵਾਨਾਂ ਦੀਆਂ ਜਾਨਾਂ ਅਜੇ ਵੀ ਕਿਉਂ ਜਾ ਰਹੀਆਂ ਹਨ? ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਮੁੜ ਚਰਚਾ ਛਿੜ ਗਈ ਹੈ।