ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0
6

ਪ੍ਰਕਾਸ਼ ਪੁਰਬ ਮੌਕੇ ਪੰਜਾਬ, ਹਰਿਆਣਾ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਕਿਹਾ- ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਰਹੀ ਸਰਕਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮੂਹ ਸੰਗਤ, ਹਰਿਆਣਾ ਅਤੇ ਪੰਜਾਬ ਦੇ ਲੋਕਾਂ ਸਮੇਤ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆ ਕੇ ਮਨ ਨੂੰ ਬੇਹੱਦ ਸ਼ਾਂਤੀ ਅਤੇ ਨਵੀਂ ਊਰਜਾ ਮਿਲਦੀ ਹੈ।

ਮੁੱਖ ਮੰਤਰੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਅਨਮੋਲ ਸੰਦੇਸ਼ ਦਿੱਤਾ ਹੈ। ਇਹ ਸੰਦੇਸ਼ ਅੱਜ ਵੀ ਪੂਰੀ ਦੁਨੀਆ ਨੂੰ ਸਹੀ ਰਾਹ ਦਿਖਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਇਨ੍ਹਾਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਅਪਣਾਉਂਦਿਆਂ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਅੰਤ ਵਿੱਚ ਉਨ੍ਹਾਂ ਨੇ ਇੱਕ ਵਾਰ ਫਿਰ ਸਾਰੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਪਤਵੰਤੇ ਸੱਜਣ ਅਤੇ ਸਮਰਥਕ ਵੀ ਮੌਜੂਦ ਸਨ।