ਫਿਰੋਜ਼ਪੁਰ/ਮੱਖੂ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਮੱਖੂ ਅਧੀਨ ਆਉਂਦੇ ਪਿੰਡ ਕੁੱਸੂ ਵਾਲਾ ਮੋੜ ’ਚ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਤਲਵੰਡੀ ਨੌਂ ਆਬਾਦ ਥਾਣਾ ਦਾਖਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਉਸ ਦੀ ਲੜਕੀ ਊਸ਼ਾ ਰਾਣੀ 28 ਸਾਲ ਦਾ ਵਿਆਹ ਭਜਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੁੱਸੂ ਵਾਲਾ ਮੋੜ ਨਾਲ ਕਰੀਬ 7 ਸਾਲ ਪਹਿਲਾਂ ਹੋਇਆ ਸੀ। ਜਿਨ੍ਹਾਂ ਦੇ 2 ਬੱਚੇ ਵੀ ਹਨ।
ਭਜਨ ਸਿੰਘ ਊਸ਼ਾ ਰਾਣੀ ’ਤੇ ਸ਼ੱਕ ਕਰਦਾ ਸੀ, ਜਿਸ ’ਤੇ 15 ਜੂਨ ਨੂੰ ਦੋਵਾਂ ਵਿਚਾਲੇ ਝਗੜਾ ਹੋਇਆ। ਝਗੜਾ ਇੰਨਾ ਵੱਧ ਗਿਆ ਕਿ ਦੋਸ਼ੀ ਭਜਨ ਸਿੰਘ ਨੇ ਆਪਣੀ ਪਤਨੀ ਊਸ਼ਾ ਰਾਣੀ ਦੀ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।