ਬਟਾਲਾ ਨੇੜੇ ਡਿਜ਼ਾਇਰ ਤੇ ਟਰਾਲੀ ਵਿਚਾਲੇ ਭਿਆਨਕ ਟੱਕਰ, ਕਾਰ ਸਵਾਰ 3 ਦੋਸਤਾਂ ਦੀ ਦਰਦਨਾਕ ਮੌਤ

0
1520

ਬਟਾਲਾ, 18 ਸਤੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਗੱਡੀ ਸਵਾਰ 4 ਦੋਸਤਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਕਸਬਾ ਧਾਰੀਵਾਲ ਤੋਂ ਬਟਾਲਾ ਵੱਲ ਆ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱਕਰ ਟ੍ਰੈਕਟਰ-ਟਰਾਲੀ ਨਾਲ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਤੇ ਮ੍ਰਿਤਕ ਨੌਜਵਾਨਾਂ ਨੂੰ ਗੱਡੀ ਕੱਟ ਕੇ ਵਿਚੋਂ ਕੱਢਣਾ ਪਿਆ। ਇਹ ਤਿੰਨੋਂ ਨੌਜਵਾਨ ਕਸਬਾ ਧਾਰੀਵਾਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਨ੍ਹਾਂ ਨੌਜਵਾਨਾਂ ਦੀ ਮੌਤ ਦੀ ਖਬਰ ਮਿਲਣ ਮਗਰੋਂ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ।