ਨਕੋਦਰ| ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਿਸ ਤਹਿਤ ਥਾਣਾ ਸਦਰ ਨਕੋਦਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਨਾਕੇਬੰਦੀ ਦੌਰਾਨ ਸਖ਼ਤ ਮੁਕਾਬਲੇ ਤੋਂ ਬਾਅਦ ਇੱਕ ਕਾਰ ਸਵਾਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ। ਪੁਲਿਸ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦਾ ਵਜ਼ਨ 6 ਕਿਲੋ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 30 ਕਰੋੜ ਰੁਪਏ ਦੱਸੀ ਜਾਂਦੀ ਹੈ।
ਡੀ.ਐਸ.ਪੀ ਨਕੋਦਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਪੁਲਿਸ ਪਾਰਟੀ ਸਮੇਤ ਨਕੋਦਰ-ਕਪੂਰਥਲਾ ਰੋਡ ‘ਤੇ ਗੇਟ ਕੰਗ ਸਾਹਿਬ ਰਾਏ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਕਪੂਰਥਲਾ ਤੋਂ ਨਕੋਦਰ ਵੱਲ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਪੁਲਿਸ ਨੂੰ ਦੇਖ ਕੇ ਕਾਰ ਚਾਲਕ ਡਰ ਗਿਆ ਅਤੇ ਤੇਜ਼ ਰਫਤਾਰ ਨਾਲ ਕਾਰ ਚਲਾਉਣ ਲੱਗਾ ਅਤੇ ਨਾਕੇ ‘ਤੇ ਲੱਗੇ ਬੈਰੀਕੇਡਾਂ ਨੂੰ ਤੋੜ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਫਰਾਰ ਹੋ ਗਿਆ।
ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਬੇਕਾਬੂ ਕਾਰ ਅੱਗੇ ਜਾ ਕੇ ਇਕ ਖੰਭੇ ਨਾਲ ਟਕਰਾ ਗਈ। ਕਾਰ ਸਵਾਰ ਵਿਅਕਤੀ ਬੈਗ ਸਮੇਤ ਪੁਲ ਤੋਂ ਛਾਲ ਮਾਰ ਗਿਆ, ਜਿਸ ਕਾਰਨ ਉਸ ਨੂੰ ਕਾਫੀ ਸੱਟਾਂ ਲੱਗੀਆਂ ਹਨ। ਪਰ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰ ਲਿਆ।
ਮੁਲਜ਼ਮ ਦੀ ਪਛਾਣ ਗੁਜਰਾਲ ਸਿੰਘ ਉਰਫ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਪਾਰਟੀ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 6 ਕਿਲੋ ਹੈਰੋਇਨ ਵਾਲਾ ਲਿਫਾਫਾ, 3 ਹਜ਼ਾਰ ਰੁਪਏ ਦੀ ਨਕਦੀ ਸਮੇਤ ਇਕ ਮੋਬਾਇਲ ਫੋਨ ਬਰਾਮਦ ਹੋਇਆ।
ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਗੁਜਰਾਲ ਸਿੰਘ ਉਰਫ਼ ਜੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ 21ਸੀ-61-85 ਐਨ.ਡੀ.ਪੀ.ਐਸ ਐਕਟ 307, 279, 427, 186, 353 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।