ਹਾਈਕੋਰਟ ਦਾ ਪਾਵਰਕਾਮ ਨੂੰ ਵੱਡਾ ਹੁਕਮ : ਵਿਭਾਗ ਦੀ ਗਲਤੀ ਕਾਰਨ ਕਰੰਟ ਲੱਗਣ ਨਾਲ ਮੌ.ਤ ਹੋਈ ਤਾਂ ਮਹੀਨੇ ਅੰਦਰ ਦੇਣਾ ਹੋਵੇਗਾ ਮੁਆਵਜ਼ਾ

0
519

ਚੰਡੀਗੜ੍ਹ, 16 ਦਸੰਬਰ | ਜਲੰਧਰ ‘ਚ ਪਿਛਲੇ ਕੁਝ ਦਿਨਾਂ ਤੋਂ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਧਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਹੁਕਮ ਦਿੱਤੇ। ਹਾਈਕੋਰਟ ਨੇ ਪੰਜਾਬ ਪਾਵਰਕਾਮ ਨੂੰ ਬਿਜਲੀ ਦੇ ਕਰੰਟ ਕਾਰਨ ਕਿਸੇ ਵਿਅਕਤੀ ਦੀ ਮੌਤ ਜਾਂ ਨੁਕਸਾਨ ਹੋਣ ‘ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।

ਘਟਨਾ ਤੋਂ ਬਾਅਦ ਪਾਵਰਕਾਮ ਨੂੰ ਕਰੀਬ 30 ਦਿਨਾਂ ਅੰਦਰ ਮੁਆਵਜ਼ੇ ਦੀ ਅਦਾਇਗੀ ਕਰਨੀ ਪਵੇਗੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ ‘ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ। ਇਸ ਦੇ ਹੁਕਮ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਦਿੱਤੇ ਗਏ ਹਨ।

ਦੱਸ ਦਈਏ ਕਿ ਪਿਛਲੇ 30 ਦਿਨਾਂ ‘ਚ ਜਲੰਧਰ ‘ਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ‘ਚ ਬਿਜਲੀ ਦਾ ਝਟਕਾ ਲੱਗਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪਾਵਰਕਾਮ ਨੇ ਕਿਹਾ ਸੀ ਕਿ ਉਕਤ ਘਟਨਾ ਵਿਚ ਪਾਵਰਕਾਮ ਦਾ ਕੋਈ ਕਸੂਰ ਨਹੀਂ ਹੈ।

ਬਿਜਲੀ ਦੇ ਕਰੰਟ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ਵਿਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੈਂਡਿੰਗ ਸਨ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ।

ਦੱਸ ਦਈਏ ਕਿ ਸਰਕਾਰੀ ਵਕੀਲ ਤੇਜ ਸ਼ਰਮਾ ਨੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹਾਈਕੋਰਟ ਵਿਚ ਪੇਸ਼ ਕੀਤੀ ਸੀ, ਜਿਸ ਵਿਚ ਬਹਿਸ ਉਪਰੰਤ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਆਦੇਸ਼ ਦਿੱਤੇ ਗਏ।

ਹਾਈਕੋਰਟ ਨੇ ਕਿਹਾ ਕਿ ਜੇਕਰ ਪਾਵਰਕਾਮ ਜਾਂ ਉਨ੍ਹਾਂ ਦੇ ਕਰਮਚਾਰੀਆਂ ਦੀ ਕਿਸੇ ਕਿਸਮ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮਾਮਲੇ ‘ਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਫਿਰ ਵੀ ਜੇਕਰ ਕੋਈ ਆਮ ਵਿਅਕਤੀ ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

ਮੁਆਵਜ਼ੇ ਦੀ ਰਕਮ ਦਾ ਫੈਸਲਾ ਮ੍ਰਿਤਕ ਦੀ ਉਮਰ ਅਤੇ ਉਸਦੀ ਆਮਦਨ ਦੇ ਹਿਸਾਬ ਨਾਲ ਕੀਤਾ ਜਾਵੇਗਾ। ਪਾਵਰਕਾਮ ਨੂੰ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਟਨਾ ਦੇ 30 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਨਾ ਹੋਵੇਗਾ।