ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਹੁਕਮ : ਰਾਮ ਰਹੀਮ ਨੂੰ ਮੁਹੱਈਆ ਕਰਵਾਏ ਜਾਣ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼

0
306

ਚੰਡੀਗੜ੍ਹ। ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਲਈ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ–ਹਰਿਆਣਾ ਹਾਈਕੋਰਟ ਵੱਲੋਂ ਇਹ ਹੁਕਮ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਜਾਰੀ ਕੀਤੇ ਹਨ।

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਵਕੀਲ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਰਟ ਵਿੱਚ ਇਹ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਜ਼ਿਆਦਾਤਰ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ । ਇਨ੍ਹਾਂ ਦਸਤਾਵੇਜ਼ਾਂ ਦੇ ਨਾ ਹੋਣ ਦੇ ਕਾਰਨ ਰਾਮ ਰਹੀਮ ਲਈ ਮਾਮਲੇ ਦੇ ਵਿੱਚ ਆਪਣਾ ਪੱਖ ਪੇਸ਼ ਕਰਨ ‘ਚ ਦਿੱਕਤ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਕੇਸ ਦੌਰਾਨ ਆਪਣਾ ਬਚਾਅ ਕਰਨ ਦਾ ਕਾਨੂੰਨੀ ਹੱਕ ਹੈ। ਤੁਹਾਨੂੰ ਇਹ ਦੱਸ ਦਈਏ ਕਿ ਹੁਣ ਇਸ ਕੇਸ ਦੀ ਸੁਣਵਾਈ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ।

ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਅਤੇ ਨਾਲ ਹੀ ਇਹ ਦਸਤਾਵੇਜ਼ ਪੈਨ ਡਰਾਈਵ ‘ਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਵੀ ਦਿੱਤੇ ਜਾਣ। ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਨੇ ਪੰਜਾਬ ਪੁਲਿਸ ਨੂੰ ਵਿਸ਼ੇਸ਼ ਜਾਂਚ ਟੀਮ ਦੀ ਬਜਾਏ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।