ਚੰਡੀਗੜ੍ਹ | ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ ‘ਤੇ ਕੋਈ ਵੀ ਵਾਟਰ ਸੈੱਸ ਨਹੀਂ ਲਾਇਆ ਜਾਵੇਗਾ। ਹਰ 10 ਦਿਨ ਦੇ ਅੰਦਰ ਪੰਜਾਬ ਤੇ ਹਿਮਾਚਲ ਦੇ ਚੀਫ਼ ਸੈਕਟਰੀਆਂ ਦੀ ਬੈਠਕ ਹੋਇਆ ਕਰੇਗੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ ‘ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ‘ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।