ਅੰਮ੍ਰਿਤਸਰ: ‘ਦਾਲ-ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ’… ਇਹ ਕਹਾਵਤ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵਾਰ ਫਿਰ ਸੱਚ ਸਾਬਤ ਹੋਈ। ਇਸ ਪਾਵਨ ਮੌਕੇ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਦਭੁੱਤ ਨਜ਼ਾਰਾ ਦੇਖਣ ਨੂੰ ਮਿਲਿਆ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਪਹੁੰਚੀਆਂ। ਪੂਰਾ ਗੁਰੂ ਨਗਰੀ ਰੌਸ਼ਨੀਆਂ ਨਾਲ ਜਗਮਗਾ ਉੱਠਿਆ।
ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਨੂੰ ਸਮਰਪਿਤ ਇਸ ਪਾਵਨ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਕੰਪਲੈਕਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਬਿਜਲਈ ਲੜੀਆਂ ਨਾਲ ਸਜਾਇਆ ਗਿਆ। ਸ਼ਾਮ ਹੁੰਦਿਆਂ ਹੀ ਸੰਗਤਾਂ ਵੱਲੋਂ ਪਰਿਕਰਮਾ ਵਿੱਚ ਦੇਸੀ ਘਿਓ ਅਤੇ ਤੇਲ ਦੇ ਹਜ਼ਾਰਾਂ ਦੀਵੇ ਜਗਾਏ ਗਏ। ਦੀਵਿਆਂ ਦੀ ਰੌਸ਼ਨੀ ਜਦੋਂ ਪਵਿੱਤਰ ਅੰਮ੍ਰਿਤ ਸਰੋਵਰ ਵਿੱਚ ਝਲਕਣ ਲੱਗੀ ਤਾਂ ਨਜ਼ਾਰਾ ਬੇਹੱਦ ਮਨਮੋਹਕ ਹੋ ਗਿਆ। ਇਸ ਦੇ ਨਾਲ ਹੀ ਸ਼ਾਨਦਾਰ ਆਤਿਸ਼ਬਾਜ਼ੀ ਨੇ ਅਸਮਾਨ ਨੂੰ ਰੰਗਾਂ ਨਾਲ ਭਰ ਦਿੱਤਾ। ਲੱਖਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੇ ਦਰਸ਼ਨ ਕੀਤੇ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੰਦੀ ਛੋੜ ਦਿਵਸ ਪੂਰੀ ਸ਼ਰਧਾ ਅਤੇ ਮਰਿਆਦਾ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤ ਦੀ ਸਹੂਲਤ ਲਈ ਸੁਰੱਖਿਆ, ਲੰਗਰ, ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਕੋਲਕਾਤਾ ਤੋਂ ਪਹੁੰਚੇ ਆਈ.ਐੱਚ.ਏ. ਫਾਊਂਡੇਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਅਲੌਕਿਕ ਦਿੱਖ ਅਤੇ ਦੀਪਮਾਲਾ ਦੇ ਨਜ਼ਾਰੇ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰੋਵਰ ਵਿੱਚ ਦੀਵਿਆਂ ਦਾ ਪ੍ਰਤੀਬਿੰਬ ਅਤੇ ਅਸਮਾਨ ਵਿੱਚ ਆਤਿਸ਼ਬਾਜ਼ੀ ਦਾ ਨਜ਼ਾਰਾ ਹਰ ਕਿਸੇ ਨੂੰ ਆਪਣੀ ਜ਼ਿੰਦਗੀ ਵਿੱਚ ਇੱਕ ਵਾਰ ਜ਼ਰੂਰ ਦੇਖਣਾ ਚਾਹੀਦਾ ਹੈ।
ਇਸੇ ਤਰ੍ਹਾਂ ਸ੍ਰੀ ਚਮਕੌਰ ਸਾਹਿਬ ਤੋਂ ਪਹਿਲੀ ਵਾਰ ਦਰਸ਼ਨਾਂ ਲਈ ਪਹੁੰਚੇ ਦਲੇਰ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਵਿੱਚ ਆ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਗੁਰੂ ਚਰਨਾਂ ਵਿੱਚ ਸੀਸ ਨਿਵਾ ਕੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਸਮੁੱਚੇ ਸੰਸਾਰ ਦੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੇਰ ਰਾਤ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਜਾਰੀ ਰਹੀ ਅਤੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਪੂਰਾ ਕੰਪਲੈਕਸ ਗੂੰਜਦਾ ਰਿਹਾ।







































