ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਮਾਨ ਸਰਕਾਰ ਕਿਸਾਨਾਂ ਅਤੇ ਸ਼ੈਲਰ ਮਾਲਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮਾਨ ਸਰਕਾਰ ਨੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ। ਇਸ ਭਰੋਸੇ ਤੋਂ ਬਾਅਦ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।
ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿਚ 48 ਲੱਖ ਕਣਕ ਭੰਡਾਰ ਕੀਤੀ ਗਈ ਸੀ ਅਤੇ ਇਸ ਦੀ ਢੋਆ-ਢੁਆਈ ਮਾਰਚ, 2025 ਤੱਕ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਖਾਲੀ ਹੋਈ ਜਗ੍ਹਾ ਦੀ ਸਟੋਰੇਜ ਲਈ ਵਰਤੋਂ ਵਾਸਤੇ ਝੋਨੇ ਨੂੰ ਢੁਕਵੇਂ ਢੰਗ ਨਾਲ ਭੰਡਾਰ ਕਰਨ ਲਈ ਕੀਤੀ ਜਾਵੇਗੀ, ਜਿਸ ਦੀ ਸੰਭਾਵਨਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਵੱਲੋਂ ਤਲਾਸ਼ੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਵਿੱਚ ਐਫ.ਸੀ.ਆਈ. ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਂਬਰ ਹੋਣਗੇ ਜੋ ਗੋਦਾਮਾਂ ਤੋਂ ਅਨਾਜ ਦੀ ਨਿਰਵਿਘਨ ਆਵਾਜਾਈ ਦੀ ਨਿਗਰਾਨੀ ਕਰਨਗੇ।
ਮੁੱਖ ਮੰਤਰੀ ਨੇ ਇਕ ਹੋਰ ਮਸਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਮਿੱਲਰਾਂ ਨੂੰ ਵੱਡੀ ਰਾਹਤ ਦਿੱਤੀ ਕਿ ਹੁਣ ਤੋਂ ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਸੀ.ਐਮ.ਆਰ. ਦੀ ਅਦਾਇਗੀ ਕਰਨੀ ਪਵੇਗੀ। ਮਿੱਲਰਾਂ ਦੀ ਇਕ ਹੋਰ ਮੰਗ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੇ ਮੌਜੂਦਾ ਮਿੱਲਾਂ ਦੀ ਅਲਾਟਮੈਂਟ ਲਈ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਛੋਟ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ- 2024-25 ਲਈ ਮਿਲਿੰਗ ਐਫ.ਆਰ.ਕੇ. ਟੈਂਡਰ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ।
ਇਨ੍ਹਾਂ ਫੈਸਲਿਆਂ ਨੂੰ ਵੇਖਦਿਆਂ ਇਹ ਕਿਹਾ ਜਾ ਸਕਦਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਤੇ ਸ਼ੈਲਰ ਮਾਲਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।