ਮਾਨ ਸਰਕਾਰ ਦੀ ਡਰੱਗ ਮਾਫ਼ੀਆ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ, ਇਸ ‘ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ – ਮਾਲਵਿੰਦਰ ਕੰਗ

0
869

ਚੰਡੀਗੜ੍ਹ, 28 ਸਤੰਬਰ | ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਪ੍ਰੈਲ-2023 ‘ਚ ਪੰਜਾਬ ਪੁਲਿਸ ਵੱਲੋਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਸੀ ਅਤੇ ਸੁਖਪਾਲ ਖਹਿਰਾ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ। ਇਸ ਦੌਰਾਨ ਬਹੁਤ ਸਾਰੇ ਨਵੇਂ ਤੱਥ ਐੱਸ. ਆਈ. ਟੀ. ਕੋਲ ਆਏ ਹਨ, ਜਿਨ੍ਹਾਂ ਤੋਂ ਜ਼ਾਹਿਰ ਹੁੰਦਾ ਹੈ ਕਿ ਸੁਖਪਾਲ ਖਹਿਰਾ ਨਸ਼ਾ ਤਸਕਰੀ ‘ਚ ਸ਼ਾਮਲ ਹੈ।

ਇਸ ਲਈ ਪੰਜਾਬ ਪੁਲਿਸ ਵੱਲੋਂ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਇਸ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਇਹ ਕਾਰਵਾਈ ਸਾਡੇ ਸਮੇਂ ‘ਤੇ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਦੇ ਆਧਾਰ ‘ਤੇ ਅਸੀਂ ਕਿਸੇ ਨੂੰ ਵੀ ਨਹੀਂ ਬਖ਼ਸ਼ਾਂਗੇ। ਸਾਲ-2022 ਤੋਂ ਪਹਿਲਾਂ ਇਨ੍ਹਾਂ ਦੀ ਸੈਟਿੰਗ ਹੋ ਗਈ ਸੀ ਅਤੇ ਸਰਕਾਰ ਨੇ ਇਹ ਮਾਮਲਾ ਠੰਡੇ ਬਸਤੇ ‘ਚ ਪਾ ਦਿੱਤਾ ਸੀ।

ਉਸ ਕੇਸ ਦੀ ਨਵੀਂ ਜਾਂਚ ਦੇ ਆਧਾਰ ‘ਤੇ ਨਵੇਂ ਤੱਥ ਆਏ ਹਨ ਅਤੇ ਇਸੇ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੀ ਵਿਰੋਧੀ ਪਾਰਟੀਆਂ ਇਸ ਗੱਲ ਨਾਲ ਸਹਿਮਤ ਨਹੀਂ ਹਨ ਕਿ ਪੰਜਾਬ ‘ਚੋਂ ਨਸ਼ਾ ਖ਼ਤਮ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਚਾਹੁੰਦੀਆਂ ਹਨ, ਪੰਜਾਬ ‘ਚੋਂ ਨਸ਼ਾ ਖ਼ਤਮ ਹੋਵੇ ਤਾਂ ਉਨ੍ਹਾਂ ਨੂੰ ਇਸ ਮਾਮਲੇ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਨਹੀਂ ਤਾਂ ਇਹ ਸਮਝਿਆ ਜਾਵੇਗਾ ਕਿ ਨਸ਼ਾ ਤਸਕਰੀ ਨੂੰ ਲੈ ਕੇ ਇਹ ਸਾਰੇ ਇੱਕੋ ਥਾਲੀ ਦੇ ਚੱਟੇ-ਬੱਟੇ ਹਨ।