ਹੁਸ਼ਿਆਰਪੁਰ/ਦਸੂਹਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨ ਸ਼ਾਮ ਨੂੰ ਕੰਢੀ ਨਹਿਰ ਵਿਚ ਡੁੱਬਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਲਾਂ ਗੜ੍ਹਦੀਵਾਲ ਵਜੋਂ ਹੋਈ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸ ਦੇ ਸਾਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ। ਜੋ ਸਕੂਲ ਤੋਂ ਛੁੱਟੀ ਹੋਣ ਕਾਰਨ ਆਪਣੇ ਮੋਟਰਸਾਈਕਲਾਂ ’ਤੇ ਪਿੰਡ ਸੁਹਾਉੜਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਏ ਸਨ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੱਥਾ ਟੇਕ ਕੇ ਵਾਪਸ ਪਰਤਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿਚ ਨਹਾਉਣ ਲੱਗ ਪਏ। ਮੋਹਿਤ ਦਾ ਨਹਾਉਂਦੇ ਸਮੇਂ ਪੈਰ ਤਿਲਕ ਗਿਆ ਤੇ ਉਹ ਡੂੰਘੇ ਪਾਣੀ ਵਿਚ ਡੁੱਬ ਗਿਆ। ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ ’ਚੋਂ ਬਾਹਰ ਤਾਂ ਕੱਢ ਲਿਆ ਗਿਆ ਪਰ ਉਸ ਵੇਲੇ ਤੱਕ ਬਹੁਤ ਦੇਰ ਹੋ ਚੁੱਕੀ ਸੀ।

ਇਸ ਤੋਂ ਬਾਅਦ ਸਾਰੇ ਦੋਸਤਾਂ ਨੇ ਮ੍ਰਿਤਕ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ’ਚ ਪਹੁੰਚਾਇਆ, ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਬਲਵਿੰਦਰ ਸਿੰਘ, ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।