ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਅੰਮ੍ਰਿਤਸਰ ‘ਚ ਭੁੱਖ ਹੜਤਾਲ, ਵਾਲਮੀਕੀ ਸਮਾਜ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

0
11

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਐਤਵਾਰ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵਾਲਮੀਕੀ ਸਮਾਜ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਹੁਲ ਮਲਿਕ, ਸਿਮਰਨ ਅਤੇ ਹੋਰ ਸਮਾਜਿਕ ਆਗੂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਪੱਕੀਆਂ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਬਰਨਾਲਾ ਵਿੱਚ ਆਪਣੇ ਸੰਵਿਧਾਨਕ ਹੱਕਾਂ ਦੀ ਮੰਗ ਕਰ ਰਹੇ ਸਫਾਈ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾਵਾਂ, ਨਾਲ ਪੁਲਿਸ ਵੱਲੋਂ ਕਥਿਤ ਤੌਰ ‘ਤੇ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਪੂਰੇ ਵਾਲਮੀਕੀ ਸਮਾਜ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਹੱਕਾਂ ਦੀ ਮੰਗ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਇਸ ਦੇ ਬਦਲੇ ਲਾਠੀਆਂ ਨਾਲ ਜਵਾਬ ਦੇਣਾ ਗਲਤ ਹੈ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਗੱਲਬਾਤ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪ੍ਰਭਾਵਿਤ ਕਰਮਚਾਰੀਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਮਾਜ ਦੇ ਕਈ ਨੁਮਾਇੰਦੇ ਭੁੱਖ ਹੜਤਾਲ ‘ਤੇ ਬੈਠਣ ਲਈ ਮਜਬੂਰ ਹੋਏ ਹਨ।

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਵਿੱਚ ਸ਼ਾਮਲ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਨੌਕਰੀਆਂ ਵੀ ਪੱਕੀਆਂ ਕੀਤੀਆਂ ਜਾਣ।

ਸਮਾਜਿਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ‘ਤੇ ਜਲਦ ਕਾਰਵਾਈ ਨਾ ਹੋਈ ਤਾਂ ਵਾਲਮੀਕੀ ਸਮਾਜ ਅਤੇ ਹੋਰ ਜਥੇਬੰਦੀਆਂ ਪੰਜਾਬ ਭਰ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ, ਪਰ ਇਨਸਾਫ਼ ਮਿਲਣ ਤੱਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਫਿਲਹਾਲ ਪ੍ਰਦਰਸ਼ਨ ਵਾਲੀ ਥਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਸਥਿਤੀ ਸ਼ਾਂਤਮਈ ਬਣੀ ਹੋਈ ਹੈ। ਉਧਰ, ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।