ਕੋਈ ਸਰਕਾਰੀ ਅਫਸਰ ਜਾਂ ਕਰਮਚਾਰੀ ਰਿਸ਼ਵਤ ਮੰਗੇ ਤਾਂ ਟੋਲ ਫ੍ਰੀ ਨੰਬਰ ‘ਤੇ ਕਰੋ ਸ਼ਿਕਾਇਤ, 24 ਘੰਟੇ ਚੱਲੇਗਾ ਨੰਬਰ, ਵਟਸਐਪ ‘ਤੇ ਵੀ ਕਰ ਸਕਦੇ ਹੋ ਕੰਪਲੇਂਟ

0
7025

ਮੋਹਾਲੀ/ਚੰਡੀਗੜ੍ਹ | ਸੂਬੇ ਦੇ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੀ ਜਾਣਕਾਰੀ ਦੇਣ ਲਈ ਇਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ। ਜੇਕਰ ਤੁਹਾਡੇ ਕੋਲੋਂ ਕੋਈ ਸਰਕਾਰੀ ਅਫਸਰ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ 1800-1800-1000 ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐੱਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਜੀਲੈਂਸ ਮੁਖੀ ਨੇ ਕਿਹਾ ਕਿ ਟੋਲ ਫ੍ਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 24 ਘੰਟੇ ਚੱਲਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈਮੇਲ complaint2vb@punjab.gov.in ‘ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।

ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰਾਜੈਕਟ ਵਿੱਚ ਹੇਰਫੇਰ ਕਰਨ ਵਾਲੇ ਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫ੍ਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾਂ ਝਿਜਕ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜ਼ਮ ਖਿਲਾਫ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਾ ਜੇਕਰ ਚਾਹੇ ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।