ਮੋਹਾਲੀ | ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅੱਜ ਤੜਕਸਾਰ ਮੋਗਾ ਦੇ ਰੋਡੇ ਪਿੰਡ ਤੋਂ ਹੋਈ ਹੈ, ਜਿਸ ਤੋਂ ਬਾਅਦ ਵੱਖ-ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿੱਤੀਆਂ ਜਾ ਰਹੀਆਂ ਹਨ। ਇਸ ਬਾਰੇ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਤੱਕ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਵਿਚ ਹੈ ਜਾਂ ਫ਼ਰਾਰ ਹੈ ਪਰ ਅੱਜ ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ, ਜਿਸ ਤੋਂ ਪਹਿਲਾਂ ਉਨ੍ਹਾਂ ਪਾਠ ਕੀਤਾ ਅਤੇ ਸੰਗਤ ਨੂੰ ਸੰਬੋਧਨ ਵੀ ਕੀਤਾ, ਜਿਸ ਦੀਆਂ ਕਈ ਵੀਡਿਓਜ਼ ਵੀ ਸਾਹਮਣੇ ਆਈਆਂ ਹਨ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਿਹੜੀ ਗ੍ਰਿਫ਼ਤਾਰੀ ਅੰਮ੍ਰਿਤਪਾਲ ਸਿੰਘ ਨੇ ਅੱਜ ਦਿੱਤੀ ਹੈ, ਜੇਕਰ ਉਹ ਇੱਕ ਮਹੀਨਾ ਪਹਿਲਾਂ ਹੀ ਗ੍ਰਿਫ਼ਤਾਰੀ ਦੇ ਦਿੰਦੇ ਤਾਂ ਬੇਕਸੂਰ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨਾ ਹੁੰਦੀਆਂ।
ਦਾਦੂਵਾਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਜਾਂ ਆਤਮ ਸਮਰਪਣ ਕਰਨ ਬਾਰੇ ਪੰਥਕ ਧਿਰਾਂ ਦਾ ਵੀ ਰਲਵਾਂ ਮਿਲਵਾਂ ਹੁੰਗਾਰਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਲੋਂ ਜੋ ਅੰਮ੍ਰਿਤਪਾਨ ਕਰਵਾਉਣ ਜਾਂ ਨਸ਼ੇ ਛੁਡਾਉਣ ਦੀ ਮੁਹਿੰਮ ਵਿੱਢੀ ਗਈ ਸੀ, ਉਹ ਕੋਈ ਲੁਕ-ਛਿਪ ਕੇ ਕਰਨ ਵਾਲਾ ਕੰਮ ਨਹੀਂ ਸੀ, ਜੇਕਰ ਪੁਲਿਸ ਨੇ ਘੇਰਾਬੰਦੀ ਕੀਤੀ ਸੀ ਤਾਂ ਅੰਮ੍ਰਿਤਪਾਲ ਸਿੰਘ ਨੂੰ ਉਸੇ ਦਿਨ ਹੀ ਗ੍ਰਿਫ਼ਤਾਰੀ ਦੇ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਕੇ ਜੋ ਵੀ ਕਦਮ ਅੰਮ੍ਰਿਤਪਾਲ ਸਿੰਘ ਨੇ ਚੁੱਕਿਆ ਹੈ ਇਸ ਦੀ ਵਜ੍ਹਾ ਵੀ ਉਹੀ ਦੱਸ ਸਕਦਾ ਹੈ।
ਦਾਦੂਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਾਲ ਜੋ ਬੇਕਸੂਰਾਂ ਦੀ ਫੜੋ-ਫੜੀ ਚੱਲ ਰਹੀ ਸੀ ਉਹ ਹੁਣ ਬੰਦ ਹੋ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਬੇਕਸੂਰ ਫੜੇ ਗਏ ਸਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ।
ਬਲਜੀਤ ਸਿੰਘ ਦਾਦੂਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੇ ਕਾਨੂੰਨ ਦੇ ਖ਼ਿਲਾਫ਼ ਕੋਈ ਕੰਮ ਕੀਤਾ ਹੈ ਤਾਂ ਉਸ ਨੂੰ ਜਾਂਚ ਵਿਚ ਸ਼ਾਮਲ ਕਰਕੇ ਪੁੱਛਗਿੱਛ ਕਰ ਲੈਣੀ ਚਾਹੀਦੀ ਹੈ ਪਰ ਫੜੇ ਗਏ ਬੇਕਸੂਰਾਂ ਨੂੰ ਛੱਡ ਦਿੱਤਾ ਜਾਣਾ ਚਾਹੀਦਾ ਹੈ।