‘ਜੇ ਸਰਕਾਰ ਨੇ ਸਖਤ ਕਦਮ ਨਾ ਚੁੱਕੇ ਤਾਂ ਅਸੀਂ ਐਕਸ਼ਨ ਲਵਾਂਗੇ’, ਮਣੀਪੁਰ ਘਟਨਾ ‘ਤੇ ਸੁਪਰੀਮ ਕੋਰਟ ਸਖਤ

0
456

ਨਵੀਂ ਦਿੱਲੀ| ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਇਸੇ ਵਿਚਾਲੇ ਸੁਪਰੀਮ ਕੋਰਟ ਨੇ ਇਸ ਘਟਨਾ ‘ਤੇ ਸਖਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਘਟਨਾ ਦੀ ਵੀਡੀਓ ਨੂੰ ਲੈ ਕੇ ਬਹੁਤ ਪਰੇਸ਼ਾਨ ਹੈ।

ਇਸ ਮਾਮਲੇ ਵਿੱਚ ਦੇਸ਼ ਦੇ ਚੀਫ ਜਸਟਿਸ ਚੰਦਰਚੂੜ ਨੇ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਚੀਫ ਜਸਟਿਸ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੈ, ਜੇਕਰ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰੇਗੀ ਤਾਂ ਅਸੀਂ ਕਰਾਂਗੇ।

ਇਸ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਾਰਵਾਈ ਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਹੈ। ਸੁਪ੍ਰੀਮ ਕੋਰਟ ਨੇ ਦੱਸਿਆ ਕਿ ਅਗਲੇ ਹਫ਼ਤੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ CJI ਚੰਦਰਚੂੜ ਨੇ ਕਿਹਾ ਕਿ ਸਾਨੂੰ ਇਨ੍ਹਾਂ ਤਸਵੀਰਾਂ ਨਾਲ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਿਆ ਜਾਵੇ ਕਿ ਜਿਹੜੇ ਲੋਕ ਇਸਦੇ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕੀ ਕਾਰਵਾਈ ਹੋਈ ਹੈ।

ਉਥੇ ਹੀ ਦੂਜੇ ਪਾਸੇ ਮਣੀਪੁਰ ਦੇ CM ਐੱਨ ਬੀਰੇਨ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਦੋਸ਼ੀਆਂ ਨੂੰ ਮੌ.ਤ ਦੀ ਸਜ਼ਾ ਦਿਵਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਮੈਂ ਪੁਲਿਸ ਨੂੰ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।