ਇਮੀਗ੍ਰੇਸ਼ਨ ਵਿਭਾਗ ਦਾ ਕਾਰਨਾਮਾ : ਮਾਂ-ਪਿਓ ਛੱਡ ਕੇ 4 ਸਾਲਾ ਪੁੱਤਰ ਨੂੰ ਦਿੱਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਵੀਜ਼ਾ

0
316

ਕਲਾਨੌਰ | ਪਿੰਡ ਵਡਾਲਾ ਬਾਂਗਰ ਦੇ NRI ਜੋੜੇ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਬਜਾਏ ਉਨ੍ਹਾਂ ਦੇ ਮਾਸੂਮ 4 ਸਾਲਾ ਬੱਚੇ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲਣ ’ਤੇ ਇਸ ਜੋੜੇ ਨੇ ਇਮੀਗ੍ਰੇਸ਼ਨ ਵਿਭਾਗ ’ਤੇ ਰੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

ਐੱਨਆਰਆਈ ਗੁਰਪ੍ਰੀਤ ਸਿੰਘ ਤੇ ਪਤਨੀ ਹਰਮੀਤ ਕੌਰ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਓਸੀਆਈ ਕਾਰਡ ਪ੍ਰਾਪਤ ਹੈ ਅਤੇ ਇਹ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਿਛਲੇ ਦਿਨੀਂ ਅਪਲਾਈ ਕੀਤਾ ਗਿਆ ਸੀ, ਜਿਸ ਸਬੰਧੀ ਉਨ੍ਹਾਂ ਦੀ ਪੁਲਿਸ ਇਨਕੁਆਰੀ ਪੁਲਿਸ ਥਾਣਾ ਕਲਾਨੌਰ ਵੱਲੋਂ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀਆਂ ਤਿਆਰੀਆਂ ਕਰ ਚੁੱਕੇ ਸਨ ਤਾਂ ਉਨ੍ਹਾਂ ਦੇ ਈਟੀਏ ’ਤੇ ਨਾਟ ਫਾਊਂਡ ਦਰਸਾ ਕੇ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਜਦਕਿ ਉਨ੍ਹਾਂ ਦੇ ਪੁੱਤਰ ਸਹਿਬਾਜ ਸਿੰਘ (4 ਸਾਲ) ਨੂੰ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ 4 ਸਾਲ ਦਾ ਬੱਚਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਇਕੱਲਾ ਕਿਵੇਂ ਜਾ ਸਕਦਾ ਹੈ। ਇਮੀਗ੍ਰੇਸ਼ਨ ਵਿਭਾਗ ਵੱਲੋਂ ਅਨੇਕਾਂ ਹੀ ਸ਼ਰਧਾਲੂਆਂ ਨਾਲ ਅਜਿਹਾ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇ।