ਅਹਿਮ ਖਬਰ : ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਸਰਕਾਰੀ ਸਕੀਮ ਤੇ ਕਰਜ਼ਾ

0
822

ਚੰਡੀਗੜ੍ਹ, 8 ਨਵੰਬਰ| ਪੰਜਾਬ ਵਿਚ ਪਰਾਲੀ ਸਾੜਨ ਲਈ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਰੈੱਡ ਐਂਟਰੀ ਹੋ ਚੁੱਕੀ ਹੈ। ਹੁਣ ਇਹ ਕਿਸਾਨ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਸਕਣਗੇ। ਕਿਸਾਨ ਸਬਸਿਡੀ ਤੋਂ ਵੀ ਵਾਂਝੇ ਰਹਿ ਜਾਣਗੇ। ਰੈੱਡ ਐਂਟਰੀ ਵਾਲੇ ਕਿਸਾਨ ਨਾ ਤਾਂ ਆਪਣੀ ਜ਼ਮੀਨ ਗਿਰਵੀ ਰੱਖ ਸਕਣਗੇ ਅਤੇ ਨਾ ਹੀ ਇਸ ‘ਤੇ ਕਰਜ਼ਾ ਲੈ ਸਕਣਗੇ।

ਇੰਨਾ ਹੀ ਨਹੀਂ, ਉਹ ਅੱਗੇ ਜ਼ਮੀਨ ਨਹੀਂ ਵੇਚ ਸਕਣਗੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਨੇ ਮੰਨਿਆ ਕਿ 5 ਨਵੰਬਰ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਜਾਗਰੂਕਤਾ ਫੈਲਾਉਣ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ।ਪੰਜਾਬ ਵਿੱਚ ਪਿਛਲੇ 10 ਦਿਨਾਂ ਵਿੱਚ ਪਰਾਲੀ ਸਾੜਨ ਵਿੱਚ 27 ਫੀਸਦੀ ਵਾਧਾ ਹੋਇਆ ਹੈ। ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਾਲ ਵੀ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਸੀ। ਇਸ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ।

ਪੀਪੀਸੀਬੀ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਪਰਾਲੀ ਸਾੜਨ ਲਈ 1694 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੇਅਰਮੈਨ ਆਦਰਸ਼ ਪਾਲ ਵਿਗ ਅਨੁਸਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕਿਸਾਨ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਸਗੋਂ ਉਪਲਬਧ ਖੇਤੀ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਬਚਾਉਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।