ਅਜਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਜਸਤਰਵਾਲ ਵਿਖੇ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜਾਨ ਦੇ ਦਿੱਤੀ । ਜਾਣਕਾਰੀ ਅਨੁਸਾਰ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਹੋ ਕੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੁਰਬੀਰ ਸਿੰਘ ਦਾ ਵਿਆਹ ਪਿੰਡ ਓਠੀਆਂ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਦੋਵਾਂ ‘ਚ ਅਕਸਰ ਹੀ ਲੜਾਈ ਹੁੰਦੀ ਰਹਿੰਦੀ ਸੀ।

ਪਿਛਲੇ ਦਿਨੀਂ ਉਸ ਦੇ ਸਹੁਰੇ ਪਰਿਵਾਰ ਵਾਲੇ ਮੁੰਡੇ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਸਨ, ਜਿਸ ਤੋਂ ਦੁਖੀ ਹੋ ਕੇ ਉਕਤ ਨੌਜਵਾਨ ਨੇ ਆਪਣੇ ਸਹੁਰੇ ਘਰ ਹੀ ਜ਼ਹਿਰੀਲੀ ਦਵਾਈ ਨਿਗਲ ਲਈ। ਉਪਰੰਤ ਪਰਿਵਾਰ ਵਾਲਿਆਂ ਵਲੋਂ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਥੇ ਨੌਜਵਾਨ ਨੇ ਦਮ ਤੋੜ ਦਿੱਤਾ। ਉਧਰ ਇਸ ਘਟਨਾ ਸਬੰਧੀ ਪਰਿਵਾਰਿਕ ਮੈਂਬਰਾਂ ਵਲੋਂ ਥਾਣਾ ਰਾਜਾਸਾਂਸੀ ਵਿਖੇ ਸਹੁਰੇ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ ਹੈ।