ਬਰਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ ਦੇ ਰਿਹਾਇਸ਼ੀ ਇਲਾਕੇ ‘ਚ ਇਕ ਵਿਆਹੁਤਾ ਵਲੋਂ ਖ਼ੁਦ ‘ਤੇ ਤੇਲ ਛਿੜਕ ਕੇ ਜਾਨ ਦੇ ਦਿੱਤੀ ਗਈ, ਜਿਸ ਤੋਂ ਬਾਅਦ ਸ਼ਹਿਰ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਬਰਨਾਲਾ ਦੇ ਕੱਚਾ ਕਾਲਜ ਰੋਡ ਨੇੜੇ ਰਿਹਾਇਸ਼ੀ ਇਲਾਕੇ ‘ਚ ਕਰੀਬ 40 ਸਾਲ ਦੀ ਵੀਨਾ ਰਾਣੀ ਨੇ ਮੌਤ ਨੂੰ ਗਲੇ ਲਗਾਇਆ। ਦੱਸਿਆ ਜਾ ਰਿਹਾ ਹੈ ਕਿ ਉਸ ਦਾ 20 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਹੁਣ ਉਸ ਦੇ ਦੋ ਬੱਚੇ, ਇਕ ਲੜਕਾ ਅਤੇ ਇਕ ਲੜਕੀ ਹਨ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਬੁਰੀ ਤਰ੍ਹਾਂ ਝੁਲਸਣ ਕਾਰਨ ਵਿਆਹੁਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਵਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਡੀ.ਐਸ.ਪੀ ਬਰਨਾਲਾ ਅਨੁਸਾਰ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਜਾਂਚ ‘ਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਹੈ।
ਬਰਨਾਲਾ ਪੁਲਿਸ ਪ੍ਰਸ਼ਾਸਨ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਫ਼ੋਰੈਂਸਿਕ ਲੈਬ ਅਤੇ ਫ਼ੋਟੋਗ੍ਰਾਫ਼ਰ ਮਾਹਰ ਵੀ ਮੌਜੂਦ ਸਨ। ਇਸ ਮੌਕੇ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਕੇਸੀ ਰੋਡ ‘ਤੇ ਗਲੀ ਵਿਚ ਇਕ ਔਰਤ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਅਤੇ ਅਗਲੇਰੀ ਜਾਂਚ ਕਰਕੇ ਤੱਥਾਂ ਦੇ ਸਾਹਮਣੇ ਆਉਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।