ਖੇਮਕਰਨ ‘ਚ ਕਾਂਗਰਸੀ MP ਡਿੰਪਾ ਤੇ MLA ਸੁਖਪਾਲ ਭੁੱਲਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਗੱਡੀਆਂ ਘੇਰ ਕੇ ਲਾਏ ਮੁਰਦਾਬਾਦ ਦੇ ਨਾਅਰੇ

0
2096

ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।

ਕਿਸਾਨਾਂ ਨੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਘੇਰ ਕੇ ਮੁਰਦਾਬਾਦ ਦੇ ਨਾਅਰੇ ਲਾਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ‘ਚ ਸਾਢੇ 7 ਮਹੀਨੇ ਤੋਂ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਸਿਆਸੀ ਪਾਰਟੀਆਂ ਦੇ ਲੀਡਰ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਨ ਵਿੱਚ ਲੱਗ ਪਏ ਹਨ।

ਇਸ ਕਰਕੇ ਅੱਜ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਉਨ੍ਹਾਂ ਵੱਲੋਂ ਘਿਰਾਓ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭੁੱਲਰ ਅਤੇ ਡਿੰਪਾ ਨੂੰ ਪਹਿਲਾਂ ਹੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਉਹ ਪਿੰਡਾਂ ਵਿਚ ਸਿਆਸੀ ਮੀਟਿੰਗਾਂ ਨਾ ਕਰਨ, ਨਹੀਂ ਤਾਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਪਰ ਫਿਰ ਵੀ ਇਨ੍ਹਾਂ ਵੱਲੋਂ ਸਿਆਸੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਡਿੰਪਾ ਅਤੇ ਭੁੱਲਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਓਨਾ ਚਿਰ ਉਹ ਸਿਆਸੀ ਮੀਟਿੰਗਾਂ ਨਹੀਂ ਕਰਨਗੇ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਮਸਲੇ ਨੂੰ ਸੁਲਝਾਉਂਦੇ ਹੋਏ ਕਿਸਾਨਾਂ ਨੂੰ ਸ਼ਾਂਤ ਕੀਤਾ ਅਤੇ ਉਕਤ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਵਿਚੋਂ ਕੱਢਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)