ਲੁਧਿਆਣਾ, 28 ਜਨਵਰੀ | ਇਥੇ ਦਲਿਤ ਭਾਈਚਾਰੇ ਨੇ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕਰ ਦਿੱਤਾ। ਵਿਜੇ ਦਾਨਵ ਦੀ ਅਗਵਾਈ ਹੇਠ ਘੰਟਾਘਰ ਚੌਕ ਵਿਖੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਰੋਸ ਮਾਰਚ ਕੱਢ ਕੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।

ਦਲਿਤ ਭਾਈਚਾਰੇ ਦੇ ਆਗੂਆਂ ਯਸ਼ਪਾਲ ਚੌਧਰੀ ਅਤੇ ਵਿਜੇ ਦਾਨਵ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਵਿਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਮੁਆਫ਼ੀਯੋਗ ਨਹੀਂ ਹੈ।

ਉਧਰ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਸ਼ਹਿਰ ਵਿਚ ਕੋਈ ਖਾਸ ਅਸਰ ਨਹੀਂ ਪਿਆ। ਕਾਰੋਬਾਰੀ ਅਦਾਰੇ ਅਤੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਧਰਨਾਕਾਰੀਆਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।