ਲੁਧਿਆਣਾ, 1 ਨਵੰਬਰ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅੱਜ ਮਹਾਡਿਬੇਟ ਹੋ ਰਹੀ ਹੈ। ਇਸ ਦੌਰਾਨ ਆਪਣੇ ਸੰਬੋਧਨ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੀ ਥਾਂ ‘ਤੇ ਨਹਿਰ ਦਾ ਨਾਂ ਯਮੁਨਾ-ਸਤਲੁਜ ਲਿੰਕ (YSL) ਰੱਖਿਆ ਜਾਵੇ ਤਾਂ ਜੋ ਯਮੁਨਾ ਤੋਂ ਆਉਣ ਵਾਲਾ ਪਾਣੀ ਹਰਿਆਣਾ ਨੂੰ ਮਿਲ ਸਕੇ ਤੇ ਉਸ ਦਾ ਹਿੱਸਾ ਪੰਜਾਬ ਕੋਲ ਵੀ ਆ ਸਕੇ। ਮੁੱਖ ਮੰਤਰੀ ਨੇ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ SYL ਨਹਿਰ ਬਾਰੇ ਚੁੱਕੇ ਗਏ ਕਦਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

CM ਨੇ ਪਿਛਲੀਆਂ ਸਰਕਾਰਾਂ ‘ਚ ਵਧੇ ਟਰਾਂਸਪੋਰਟ ਮਾਫੀਏ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੁਝਾਰ, ਡੱਬਵਾਲੀ ਓਰਬਿਟ,ਨਿਊ ਦੀਪ, ਰਾਜਧਾਨੀ ਦੇ ਨਾਂ ਉਤੇ 96 ਰੂਟ ਪਰਮਿਟ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਪ੍ਰਾਈਵੇਟ ਬੱਸਾਂ ਚੰਡੀਗੜ੍ਹ ਵਿਚ ਦਾਖ਼ਲ ਨਹੀਂ ਹੋ ਸਕਦੀਆਂ ਪਰ ਉਕਤ ਕੰਪਨੀਆਂ ਦੀਆਂ ਬੱਸਾਂ ਚੰਡੀਗੜ੍ਹ ਵਿਚ ਦਾਖਲ ਹੁੰਦੀਆਂ ਸਨ, ਜਿਨ੍ਹਾਂ ਦਾ ਦਾਖ਼ਲਾ ਹੁਣ ਬੰਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪਿਛਲੇ ਦਿਨੀਂ ਉਕਤ ਕੰਪਨੀਆਂ ਵਿਚੋਂ ਕਈ ਕੰਪਨੀਆਂ ਦੀਆਂ 39 ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਪਹਿਲਾਂ ਇੰਡੋ-ਕੈਨੇਡੀਅਨ ਬੱਸਾਂ ਜਾਂਦੀਆਂ ਸਨ ਅਤੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਸਰਕਾਰ ਨੇ ਆਪਣੀਆਂ ਵੋਲਵੋ ਬੱਸਾਂ ਚਾਲੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਕਈ ਟੋਲ ਪਲਾਜ਼ਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਟੋਲ ਪਲਾਜ਼ੇ ਬੰਦ ਕੀਤੇ ਜਾ ਰਹੇ ਹਨ। ਅਸੀਂ ਹੁਣ ਤੱਕ 14 ਟੋਲ ਪਲਾਜ਼ਿਆਂ ਨੂੰ ਬੰਦ ਕੀਤਾ ਹੈ।