ਗੁਰਦਾਸਪੁਰ . ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਹੁਣ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸਦੇ ਬਿਜਲੀ ਦੀ ਮੋਟਰ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਮਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪਿੰਡ ਪੱਧਰ ਤਕ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਅੱਗ ਲਗਾਉਣ ਦੇ ਨੁਕਸਾਨ ਤੋਂ ਜਾਣੂੰ ਕਰਵਾਇਆ ਗਿਆ ਹੈ ਪਰ ਫਿਰ ਵੀ ਕੁਝ ਲੋਕਾਂ ਵਲੋਂ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਅਜਿਹਾ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।
ਉਨਾਂ ਅੱਗੇ ਦੱਸਿਆ ਕਿ ਵਿਭਾਗ ਵਲੋਂ ਨਾੜ ਨੂੰ ਨਾ ਸਾੜਨ ਸਬੰਧੀ ਵੱਖ-ਵੱਖ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਕੁਝ ਲੋਕ ਨਾੜ ਨੂੰ ਅੱਗ ਲਗਾ ਰਹੇ ਹਨ। ਅਜਿਹੇ 74 ਵਿਅਕਤੀਆਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ ਹੁਣ ਜੇਕਰ ਕੋਈ ਨਾੜ ਨੂੰ ਅੱਗ ਲਗਾਏਗਾ ਤਾਂ ਉਸ ਦੇ ਟਿਊਬਵੈਲ ਦੇ ਬਿਜਲੀ ਕੁਨੈਕਸ਼ਨ ਵੀ ਕੱਟ ਦਿੱਤਾ ਜਾਵੇਗਾ। ਇਸ ਸਬੰਧੀ ਪਾਵਰਕਾਮ ਅਧਿਕਾਰੀਆਂ ਵਲੋਂ ਪਿੰਡ/ਬਲਾਕ ਪੱਧਰ ‘ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬੂਨਲ, ਨਵੀ ਦਿੱਲੀ ਵੱਲੋ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਗਈ ਹੈ। ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋ ਅਜੇ ਵੀ ਨਾੜ ਨੂੰ ਅੱਗ ਲਗਾਈ ਜਾਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ, ਸਗੋ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਪੂਰੀ ਦੁਨੀਆਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਸਾਹ ਦੀ ਬਿਮਾਰੀ ਨਾਲ ਪੀੜਤ, ਨਾੜ ਨੂੰ ਸਾੜਨ ਨਾਲ ਪੈਦਾ ਹੋਏ ਧੂੰਏ ਤੇ ਪ੍ਰਦੂਸ਼ਣ ਨਾਲ ਹੋਰ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ ਅਤੇ ਉਨਾਂ ਦੀ ਰਿਕਵਰੀ ਪ੍ਰਭਾਵਿਤ ਹੁੰਦੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲੇ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪੱਧਰ ਉੱਪਰ ਵੀ ਲੋਕਾਂ ਨੂੰ ਨਾੜ ਨਾ ਸਾੜਣ ਲਈ ਜਾਗਰੂਕ ਕਰਨ। ਉਨਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਅਸੀਂ ਆਪਣੇ ਮਕਸਦ ਵਿਚ ਕਾਮਯਾਬ ਹੋ ਸਕਦੇ ਹਾਂ ਅਤੇ ਨਾੜ ਨੂੰ ਅੱਗ ਲਾਗਉਣ ਦੇ ਰੁਝਾਨ ਨੂੰ ਰੋਕ ਸਕਦੇ ਹਾਂ।