ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ, ਸਾਹਮਣੇ ਆਏ 193 ਮਾਮਲੇ

0
144

ਚੰਡੀਗੜ੍ਹ। ਮਾਨਸੂਨ ਦਾ ਸੀਜ਼ਨ ਖਤਮ ਹੋਣ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਚੁੱਕਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਹੀ ਕਾਰਨ ਹੈ ਕਿ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ ਆਇਆ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਅਤੇ ਹਰਿਆਣਾ ਤੀਜੇ ਸਥਾਨ ‘ਤੇ ਹੈ।

ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਪੰਜਾਬ ਪਹਿਲੇ ਨੰਬਰ ‘ਤੇ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਹੈਪੀ ਸੀਡਰ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ ਦੀ ਸਮਾਂ ਸੀਮਾ ਵਧਾ ਦਿੱਤੀ ਹੈ।

ਉਨ੍ਹਾਂ ਨੇ ਪਰਾਲੀ ਨੂੰ ਮਿੱਟੀ ਵਿੱਚ ਜਜ਼ਬ ਕਰਨ ਲਈ ਖੇਤੀਬਾੜੀ ਵਿਭਾਗ ਦੇ ਪਾਇਲਟ ਪ੍ਰੋਜੈਕਟ ਤਹਿਤ 5000 ਏਕੜ ਵਿੱਚ ਡੀ-ਕੰਪੋਜ਼ਰ ਘੋਲ ਦਾ ਛਿੜਕਾਅ ਕਰਨ ਬਾਰੇ ਦੱਸਿਆ। ਖੇਤੀਬਾੜੀ ਵਿਭਾਗ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਤਾਂ ਰੱਦ ਕਰ ਦਿੱਤੀਆਂ ਪਰ ਸੂਬਾ ਸਰਕਾਰ ਦੀਆਂ ਸਾਰੀਆਂ ਤਿਆਰੀਆਂ ਨਾਕਾਫ਼ੀ ਸਾਬਤ ਹੋਈਆਂ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ 18 ਸਤੰਬਰ ਤੋਂ ਪਹਿਲਾਂ ਦਰਜ ਹੋਣੀਆਂ ਸ਼ੁਰੂ ਹੋ ਗਈਆਂ ਸਨ।