ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਹਲਕਾ ਮਲੋਟ ਦੇ ਪਿੰਡ ਈਨਾ ਖੇੜਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ ਗੁਰੂ ਘਰ ਦਲ ਬਾਬਾ ਬਿਧੀ ਸਿੰਘ ਜੀ ਦਾ ਦੱਸਿਆ ਜਾ ਰਿਹਾ ਹੈ।
ਗੁਰਦੁਆਰਾ ਸਾਹਿਬ ਪਿੰਡ ਈਨਾ ਖੇੜਾ ਵਿੱਚ ਪਿੰਡ ਦੇ ਹੀ ਰਹਿਣ ਵਾਲੇ ਆਕਾਸ਼ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸਵੇਰ ਸਮੇਂ ਦੀ ਹੈ, ਜਦ ਗੁਰਬਾਣੀ ਪਾਠ ਕਰਨ ਉਪਰੰਤ ਗ੍ਰੰਥੀ ਸਿੰਘ ਆਪਣੇ ਕਮਰੇ ਵਿੱਚ ਕੁਝ ਲੈਣ ਗਿਆ ਤਾਂ ਉਸ ਮਗਰੋਂ ਪਿੰਡ ਦਾ ਇਕ ਨੌਜਵਾਨ ਜੋ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਹੋਇਆ ਸੀ, ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਗ੍ਰੰਥੀ ਸਿੰਘ ਨੇ ਉਸ ਨੂੰ ਫੜ ਲਿਆ ਤੇ ਪਿੰਡ ਵਾਸੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਮਲੋਟ ਨੇ ਪੁਲਿਸ ਟੀਮ ਸਮੇਤ ਪਿੰਡ ਈਨਾ ਖੇੜਾ ਦੇ ਗੁਰੂ ਘਰ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਮੁਲਾਜ਼ਮ ਨੇ ਕਿਹਾ ਕਿ ਪਰਿਵਾਰ ਦੇ ਮੁਤਾਬਕ ਉਨ੍ਹਾਂ ਦਾ ਲੜਕਾ ਮੰਦਬੁੱਧੀ ਹੈ ਤੇ ਉਸ ਦੀ ਦਵਾਈ ਚੱਲਦੀ ਹੈ, ਇਸ ਲਈ ਬੇਅਦਬੀ ਵਾਲੀ ਕੋਈ ਗੱਲ ਨਹੀਂ।
ਉਨ੍ਹਾਂ ਕਿਹਾ ਕਿ ਸਾਨੂੰ ਫੋਨ ‘ਤੇ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ ਕਿ ਪਿੰਡ ਈਨਾ ਖੇੜਾ ਦੇ ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ ਪਰ ਸਾਨੂੰ ਲਿਖਤੀ ਰੂਪ ਵਿੱਚ ਕੋਈ ਸੂਚਨਾ ਨਹੀਂ ਮਿਲੀ। ਅਸੀਂ ਜਾਂਚ ਕਰ ਰਹੇ ਹਾਂ ਤੇ ਜੋ ਵੀ ਇਸ ਮਾਮਲੇ ਵਿੱਚ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।