ਡੇਰਾ ਮੁੱਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ ! ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਮਾਮਲਿਆਂ ‘ਚ ਲਿਆ ਐਕਸ਼ਨ

0
219

ਚੰਡੀਗੜ੍ਹ, 22 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦਈਏ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਰਚ 2024 ਦੇ ਆਦੇਸ਼ ‘ਤੇ ਰੋਕ ਲਗਾ ਕੇ ਕੇਸ ਨੂੰ ਬਹਾਲ ਕਰ ਦਿੱਤਾ ਸੀ, ਜਿਸ ਨੇ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਤਿੰਨ ਅਪਰਾਧਿਕ ਮਾਮਲਿਆਂ ਵਿਚ ਡੇਰਾ ਮੁਖੀ ਵਿਰੁੱਧ ਕਾਰਵਾਈ ਨੂੰ ਰੋਕ ਦਿੱਤਾ ਸੀ। ਜਸਟਿਸ ਭੂਸ਼ਣ ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਦੀ ਅਪੀਲ ’ਤੇ ਹਾਈ ਕੋਰਟ ਦੇ 11 ਮਾਰਚ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ। ਰਾਜ ਨੇ ਪਹਿਲਾਂ ਹੀ ਸੁਲਝੇ ਹੋਏ ਕਾਨੂੰਨੀ ਮੁੱਦੇ ‘ਤੇ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਦੀ ਪਹੁੰਚ ‘ਤੇ ਸਵਾਲ ਉਠਾਏ ਸਨ। ਸੂਤਰਾਂ ਨੇ ਦੱਸਿਆ ਕਿ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿਚ ਦਰਜ 3 ਕੇਸਾਂ ਵਿਚ ਮੁਕੱਦਮੇ ਦੀ ਪ੍ਰਵਾਨਗੀ ਮਿਲ ਚੁੱਕੀ ਹੈ। ਸੀਐਮ ਨੇ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)